ਤਰਨਤਾਰਨ ਪੁਲਿਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਤਰਨਤਾਰਨ ਪੁਲਿਸ ਨੇ 5 ਕਿੱਲੋ 20 ਗ੍ਰਾਮ ਹੈਰੋਇਨ ਸਣੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵਲੋਂ ਇਸ ਦੇ ਨਾਲ ਹੀ ਇਕ i20 ਕਾਰ ਵੀ ਬਰਾਮਦ ਕੀਤੀ ਹੈ। ਮੁਲਜ਼ਮ ਦੀ ਗ੍ਰਿਫਤਾਰੀ ਤੋਂ ਬਾਅਦ ਥਾਣਾ ਝਬਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 25 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੈਸ ਕਾਂਫਰਨਸ ਕਰ ਐੱਸ.ਪੀ. ਸਥਾਨਕ ਮਨਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਅਸ਼ਵਨੀ ਕਪੂਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਸੀ. ਆਈ. ਏ. ਸਟਾਫ ਤਰਨਤਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਇਕ ਆਈ-20 ਕਾਰ ’ਚ ਸਵਾਰ ਦੀਪਕ ਕੁਮਾਰ ਉਰਫ ਕੋਚਰ ਪੁੱਤਰ ਸ਼ਾਮ ਕੁਮਾਰ ਪੁੱਤਰ ਮਾਲਾ ਰਾਮ ਵਾਸੀ ਵਕਟੋਰੀਆ ਇਨਕਲੇਵ ਪਿੰਡ ਬੱਲੂਕੀ ਜ਼ਿਲ੍ਹਾ ਲੁਧਿਆਣਾ ਨੂੰ 5 ਕਿੱਲੋ 20 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ ਹੈ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਝਬਾਲ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ ਪਹਿਲਾਂ ਵੀ ਇਕ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਹੈ। ਇਸ ਮੌਕੇ ਉਨ੍ਹਾਂ ਨਾਲ ਡੀ. ਐੱਸ. ਪੀ. ਡੀ. ਅਰੁਣ ਸ਼ਰਮਾ, ਸੀ. ਆਈ. ਏ. ਸਟਾਫ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।