ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਸੂਬੇ ਵਿੱਚ ਅਗਲੇ ਮਹੀਨੇ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ DC ਦਫ਼ਤਰਾਂ ਨੂੰ ਇੱਕ ਨੋਟੀਫਿਕੇਸ਼ਨ ਭੇਜ ਕੇ 7 ਜਨਵਰੀ ਤੱਕ ਫਾਈਨਲ ਵੋਟਰ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਤੈਅ ਹੈ ਕਿ ਜਨਵਰੀ ਜਾਂ ਫਿਰ ਫਰਵਰੀ ਦੇ ਪਹਿਲੇ ਹਫਤੇ ਚੋਣਾਂ ਹੋ ਸਕਦੀਆਂ ਹਨ।
ਦੱਸ ਦਈਏ ਕਿ ਪਹਿਲਾਂ ਅਗਸਤ ਵਿੱਚ ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਸੀ ਕਿਉਂਕਿ ਸਰਕਾਰ ਨੇ 6 ਮਹੀਨੇ ਪਹਿਲਾਂ ਹੀ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚਣ ਤੋਂ ਬਾਅਦ ਸਰਕਾਰ ਨੇ ਇਸ ‘ਤੇ ਯੂ-ਟਰਨ ਲੈ ਲਿਆ ਸੀ।ਹੁਣ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਵਿੱਢ ਦਿੱਤੀ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ। ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿੱਚ ਦੇਰੀ ਨਹੀਂ ਕਰਨਾ ਚਾਹੁੰਦੀ ਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿੱਚ ਹੀ ਕਰਵਾਈਆਂ ਜਾ ਸਕਦੀਆਂ ਹਨ।