ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਬਾਰੇ ਪਟੀਸ਼ਨਾਂ ‘ਤੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਪੰਜ ਮੈਂਬਰੀ ਬੈਂਚ ਨੇ ਕਿਹਾ ਕਿ ਧਾਰਾ 370 ਹਟਾਏ ਜਾਣ ਦਾ ਫ਼ੈਸਲਾ ਕਾਨੂੰਨੀ ਤੌਰ ‘ਤੇ ਵੈਧ ਹੈ ਅਤੇ ਨਾਲ ਹੀ ਕਿਹਾ ਕਿ ਅਗਲੇ ਸਾਲ 30 ਸਤੰਬਰ ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।। ਸੁਪਰੀਮ ਕੋਰਟ ਦੇ Chief Justice DY Chandrachud ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਕੋਲ ਭਾਰਤ ਦੇ ਹੋਰਾਂ ਰਾਜਾਂ ਤੋਂ ਅਲੱਗ ਕੋਈ ਅੰਦਰੂਨੀ ਪ੍ਰਭੂਸੱਤਾ ਨਹੀਂ ਹੈ।
ਇਸਦੇ ਨਾਲ ਹੀ ਉਹਨਾਂ ਕਿਹਾ ਕਿ ਜੰਮੂ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ, ਇਹ ਸੰਵਿਧਾਨ ਦੇ ਆਰਟੀਕਲ ਇੱਕ ਅਤੇ ਆਰਟੀਕਲ 370 ਤੋਂ ਸਪਸ਼ਟ ਹੁੰਦਾ ਹੈ।” ਉਹਨਾ ਕਿਹਾ ਕਿ ਅਸੀਂ ਇਹ ਮੰਨਦੇ ਹਾਂ ਧਾਰਾ 370 ਅਸਥਾਈ ਹੈ, ਇਸ ਨੂੰ ਇੱਕ ਆਖ਼ਰੀ ਪ੍ਰਕਿਰਿਆ ਪੂਰੀ ਕਰਨ ਲਈ ਬਣਾਇਆ ਗਿਆ ਸੀ।” “ਸੂਬੇ ਵਿੱਚ ਜੰਗ ਦੀ ਸਥਿਤੀ ਦੇ ਕਾਰਨ ਇਹ ਇੱਕ ਅਸਥਾਈ ਪ੍ਰਬੰਧ ਸੀ, ਇਹ ਇੱਕ ਅਸਥਾਈ ਧਾਰਾ ਹੈ ਅਤੇ ਇਸੇ ਲਈ ਇਸਨੂੰ ਸਵਿੰਧਾਨ ਦੇ ਭਾਗ 21 ਵਿੱਚ ਰੱਖਿਆ ਗਿਆ ਹੈ।”
ਉਨ੍ਹਾਂ ਨੇ ਕਿਹਾ, “ਧਾਰਾ 370 ਭਾਰਤ ਦੀ ਸੰਵਿਧਾਨਕ ਏਕੇ ਦੇ ਲਈ ਲਿਆਂਦੀ ਗਈ ਸੀ। ਸੰਵਿਧਾਨ ਸਭਾ ਭੰਗ ਹੋਣ ਤੋਂ ਬਾਅਦ ਧਾਰਾ 370(3) ਦੀ ਵਰਤੋਂ ਨਹੀਂ ਕੀਤੀ ਜਾ ਸਕਦੀ, ਇਹ ਦਲੀਲ ਪ੍ਰਵਾਨ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਹ ਧਾਰਾ ਸੰਵਿਧਾਨਕ ਏਕੇ ਨੂੰ ਰੋਕਦੀ ਹੈ।”
ਤੁਹਾਨੂੰ ਦੱਸ ਦੇਈਏ ਕਿ 5 ਅਗਸਤ 2019 ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰ ਦਿੱਤਾ ਸੀ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ-ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਵੰਡ ਦਿੱਤਾ ਸੀ। ਸਰਕਾਰ ਦੇ ਇਸ ਫੈਸਲੇ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ 16 ਦਿਨਾਂ ਦੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ 5 ਸਤੰਬਰ ਨੂੰ ਇਸ ਮਾਮਲੇ ‘ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।