ਹਾਲ ਹੀ ‘ਚ ਧਾਰਾ 370 ‘ਤੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਜਿਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਚੀਨ ਨੇ ਮੰਗਲਵਾਰ ਨੂੰ ਕਿਹਾ ਕਿ ਕਸ਼ਮੀਰ ਮੁੱਦੇ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਅਤੇ ਸਲਾਹ-ਮਸ਼ਵਰੇ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਮੁੱਦੇ ‘ਤੇ ਪਾਕਿਸਤਾਨੀ ਪੱਤਰਕਾਰ ਦੇ ਸਵਾਲ ‘ਤੇ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਕਿਹਾ, ”ਕਸ਼ਮੀਰ ਦੇ ਮੁੱਦੇ ‘ਤੇ ਚੀਨ ਦੀ ਸਥਿਤੀ ਸਪੱਸ਼ਟ ਹੈ, ਇਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਹੁਤ ਪੁਰਾਣਾ ਵਿਵਾਦ ਹੈ ਅਤੇ ਇਸ ਨੂੰ ਸੰਯੁਕਤ ਰਾਸ਼ਟਰ ਘੋਸ਼ਣਾ ਪੱਤਰ, ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ (ਯੂ.ਐੱਨ.ਐੱਸ.ਸੀ.) ਦੇ ਪ੍ਰਸਤਾਵਾਂ ਅਤੇ ਦੋ-ਪੱਖੀ ਸਮਝੌਤਿਆਂ ਤਹਿਤ ਸ਼ਾਂਤੀਪੂਰਨ ਤਰੀਕਿਆਂ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ।”
ਨਾਲ ਹੀ ਮਾਓ ਨੇ ਕਿਹਾ ਕਿ ਇਸ ਨਾਲ ਸਬੰਧਤ ਧਿਰਾਂ ਨੂੰ ਗੱਲਬਾਤ ਅਤੇ ਸਲਾਹ-ਮਸ਼ਵਰੇ ਰਾਹੀਂ ਵਿਵਾਦ ਨੂੰ ਹੱਲ ਕਰਨਾ ਚਾਹੀਦਾ ਹੈ। ਸੋਮਵਾਰ ਨੂੰ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪਾਕਿਸਤਾਨ ਨੇ ਕਿਹਾ ਸੀ ਕਿ ਧਾਰਾ 370 ‘ਤੇ ਭਾਰਤੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਕੋਈ ਕਾਨੂੰਨੀ ਮਹੱਤਵ ਨਹੀਂ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਅੰਤਰਰਾਸ਼ਟਰੀ ਕਾਨੂੰਨ 5 ਅਗਸਤ, 2019 ਦੀਆਂ ਭਾਰਤ ਦੀਆਂ “ਇਕਤਰਫਾ ਅਤੇ ਗੈਰ-ਕਾਨੂੰਨੀ ਕਾਰਵਾਈਆਂ” ਨੂੰ ਮਾਨਤਾ ਨਹੀਂ ਦਿੰਦਾ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸਰਬਸੰਮਤੀ ਨਾਲ ਸੰਵਿਧਾਨ ਦੀ ਧਾਰਾ 370 ਦੇ ਉਪਬੰਧਾਂ ਨੂੰ ਰੱਦ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਜਿਸ ਨੇ ਜੰਮੂ ਅਤੇ ਕਸ਼ਮੀਰ ਦੇ ਪੁਰਾਣੇ ਰਾਜ ਨੂੰ ਵਿਸ਼ੇਸ਼ ਦਰਜਾ ਦਿੱਤਾ ਸੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਜੰਮੂ ਅਤੇ ਕਸ਼ਮੀਰ) ਨੂੰ ਰਾਜ ਦਾ ਦਰਜਾ ਬਹਾਲ ਕੀਤਾ ਸੀ। ਇਸ ਨੂੰ ਜਲਦੀ ਬਹਾਲ ਕਰਨ ਅਤੇ ਅਗਲੇ ਸਾਲ 30 ਸਤੰਬਰ ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।