ਖਾਲਿਸਤਾਨੀ ਸਮਰੱਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਕੈਨੇਡਾ ਵੱਲੋਂ ਲਗਾਏ ਇਲਜ਼ਾਮਾਂ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਵਾਬ ਦਿੱਤਾ ਹੈ। ਹਰਦੀਪ ਨਿੱਝਰ ਮਾਮਲੇ ‘ਚ ਅਮਿਤ ਸ਼ਾਹ ਨੇ ਕੈਨੇਡਾ ਨੂੰ ਉਸ ਦੀ ਭਾਸ਼ਾ ਵਿੱਚ ਜਵਾਬ ਦਿੰਦਿਆ ਕਿਹਾ ਕੀ ਕੈਨੇਡਾ ਨੂੰ ਹੁਣ ਇਸ ਸਵਾਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਭਾਰਤ ਵੱਲੋਂ ਅੱਤਵਾਦੀ ਐਲਾਨਿਆ ਗਿਆ ਹਰਦੀਪ ਸਿੰਘ ਨਿੱਝਰ ਉੱਥੇ ਕੀ ਕਰ ਰਿਹਾ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਬਿਆਨ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਦਿੱਤਾ ਹੈ।
ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ‘ਤੇ ਲਗਾਤਾਰ ਦੋਸ਼ ਲਗਾ ਰਹੇ ਹਨ। ਟਰੂਡੋ ਨੇ ਦੋਸ਼ ਲਾਇਆ ਕਿ ਨਿੱਝਰ ਦੇ ਕਤਲ ਵਿੱਚ ਭਾਰਤੀ ਖੁਫੀਆ ਏਜੰਸੀ ਰਾਅ ਦਾ ਹੱਥ ਹੈ। ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਇਸ ਸਾਲ ਜੂਨ ਮਹੀਨੇ ਕੈਨੇਡਾ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਤੰਬਰ ਵਿੱਚ ਭਾਰਤ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਸਨ।
ਇੱਥੋਂ ਵਾਪਸ ਆਪਣੇ ਦੇਸ਼ ਪਰਤਣ ਤੋਂ ਬਾਅਦ ਜਸਟਿਨ ਟਰੂਡੋ ਨੇ ਹਰਦੀਪ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ। ਪੀਐਮ ਟਰੂਡੋ ਨੇ ਦਾਅਵਾ ਕੀਤਾ ਕਿ ਰਾਅ ਨੇ ਨਿੱਝਰ ਦਾ ਕਤਲ ਕੀਤਾ ਸੀ।