ਪੰਜਾਬ ਵਿੱਚ ਤਾਪਮਾਨ ਰੋਜ਼ਾਨਾ ਡਿੱਗ ਰਿਹਾ ਹੈ ਅਤੇ ਇਸ ਦੇ ਨਾਲ ਹੀ ਧੁੰਦ ਦਾ ਕਹਿਰ ਵੀ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਤਾਪਮਾਨ ਹੋਰ ਡਿੱਗੇਗਾ ਜਿਸਦੇ ਚੱਲਦੇ ਸੰਘਣੀ ਧੁੰਦ ਦਾ ਦੌਰ ਜਾਰੀ ਰਹੇਗਾ। ਇਸ ਤਹਿਤ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਧੁੰਦ ਦੀ ਚਾਦਰ ਛਾਈ ਰਹੇਗੀ।
ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਅਗਲੇ ਚਾਰ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਮਾਝਾ ਅਤੇ ਦੁਆਬਾ ਖੇਤਰ ਦੇ ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।