ਬੰਦੀ ਸਿੱਖਾਂ ਦੀ ਰਿਹਾਈ ਅਤੇ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਪ੍ਰਦਰਸ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਪ੍ਰਦਰਸ਼ਨ ‘ਤੇ ਇਤਰਾਜ਼ ਪ੍ਰਗਟਾਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਵੀ ਲਿਖਿਆ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਜਿਨ੍ਹਾਂ ਨੇ ਮਿਲ ਕੇ ਫੈਸਲਾ ਕੀਤਾ ਸੀ ਕਿ ਸ਼ਾਂਤੀਪੂਰਨ ਗੱਲਬਾਤ ਰਾਹੀਂ ਹੱਲ ਲੱਭਿਆ ਜਾਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਕੇਂਦਰ ਸਰਕਾਰ ਨੂੰ 31 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ।ਇਸ ਪੱਤਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਹੋਣ ਵਾਲੇ ਪ੍ਰਦਰਸ਼ਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਾਰਵਾਈ। ਮੀਡੀਆ ਨੂੰ ਕਰਦਿਆਂ ਉਨਾਂ ਕਿਹਾ ਕਿ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਅੰਤ੍ਰਿੰਗ ਕਮੇਟੀ ਦੇ ਪਹਿਲਾਂ ਲਏ ਫੈਸਲੇ ’ਤੇ ਅਧਾਰਿਤ ਸੀ,ਪਰ ਪੰਥ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਇਸ ਨੂੰ ਫਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਵਿਚ ਕੋਈ ਆਪਸੀ ਮਤਭੇਦ ਪੈਦਾ ਹੋਵੇ।