ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਸਬ-ਵੈਰੀਐਂਟਾਂ ਦੇ ਫੈਲਣ ਦੇ ਖਤਰੇ ਦੇ ਵਿਚਕਾਰ ਭਾਰਤ ‘ਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਐਤਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 335 ਨਵੇਂ ਮਾਮਲੇ ਦਰਜ ਕੀਤੇ ਗਏ। ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਹੁਣ 1,701 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਐਤਵਾਰ ਨੂੰ ਕੋਰੋਨਾ ਸੰਕਰਮਿਤ 5 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ 4 ਮੌਤਾਂ ਸਿਰਫ ਕੇਰਲ ਵਿੱਚ ਹੋਈਆਂ, ਜਿੱਥੇ ਕੋਰੋਨਾ ਦੇ ਨਵੇਂ ਸਬ-ਵੇਰੀਐਂਟ JN.1 ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਵਿਚਾਲੇ ਕਰਨਾਟਕ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦਿਨੇਸ਼ ਗੁੰਡੂ ਰਾਓ ਨੇ ਸੋਮਵਾਰ ਨੂੰ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ,ਅਸੀਂ ਕੱਲ੍ਹ ਇੱਕ ਮੀਟਿੰਗ ਕੀਤੀ ਸੀ ਜਿੱਥੇ ਅਸੀਂ ਇਸ ਬਾਰੇ ਚਰਚਾ ਕੀਤੀ ਸੀ ਕਿ ਕਿਹੜੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ ਅਤੇ ਜਿਹਨਾਂ ਨੂੰ ਦਿਲ ਦੀਆਂ ਸਮੱਸਿਆਵਾਂ ਅਤੇ ਹੋਰ ਗੰਭੀਰ ਬਿਮਾਰੀਆਂ ਹਨ, ਉਨ੍ਹਾਂ ਨੂੰ ਮਾਸਕ ਪਹਿਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਹਸਪਤਾਲਾਂ ਨੂੰ ਤਿਆਰ ਰਹਿਣ ਲਈ ਕਿਹਾ ਹੈ। ਕੇਰਲ ਨਾਲ ਸਰਹੱਦ ਸਾਂਝੇ ਕਰਨ ਵਾਲੇ ਖੇਤਰਾਂ ਨੂੰ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਹੈ। ਮੰਗਲੌਰ, ਚਮਨਜਨਗਰ ਅਤੇ ਕੋਡਾਗੂ ਨੂੰ ਚੌਕਸ ਰਹਿਣਾ ਚਾਹੀਦਾ ਹੈ। ਟੈਸਟਿੰਗ ਵਧਾ ਦਿੱਤੀ ਜਾਵੇਗੀ। ਜਿਨ੍ਹਾਂ ਲੋਕਾਂ ਨੂੰ ਸਾਹ ਦੀ ਸਮੱਸਿਆ ਹੈ, ਉਨ੍ਹਾਂ ਨੂੰ ਲਾਜ਼ਮੀ ਤੌਰ ‘ਤੇ ਟੈਸਟ ਕਰਵਾਉਣਾ ਹੋਵੇਗਾ
ਦੇਸ਼ ‘ਚ ਹੁਣ ਤੱਕ 4 ਕਰੋੜ 50 ਲੱਖ 4 ਹਜ਼ਾਰ 816 ਲੋਕ ਕੋਰੋਨਾ ਨਾਲ ਪ੍ਰਭਾਵਿਤ ਹੋਏ ਹਨ। ਇਨਫੈਕਸ਼ਨ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4.46 ਕਰੋੜ (4,44,69,799) ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਰਾਸ਼ਟਰੀ ਰਿਕਵਰੀ ਦਰ 98.81 ਫੀਸਦੀ ਹੈ। ਭਾਰਤ ਵਿੱਚ ਕੋਵਿਡ-19 ਕਾਰਨ ਹੁਣ ਤੱਕ 5,33,316 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮੌਤ ਦਰ 1.19 ਫੀਸਦੀ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਵਿਡ -19 ਵੈਕਸੀਨ ਦੀਆਂ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।