ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਉੱਚੀਆਂ ਚੋਟੀਆਂ ‘ਤੇ ਹੋਈ ਤਾਜ਼ਾ ਬਰਫਬਾਰੀ ਨੇ ਪੰਜਾਬ,ਚੰਡੀਗੜ੍ਹ ਅਤੇ ਹਰਿਆਣਾ ਸਮੇਤ ਮੈਦਾਨੀ ਇਲਾਕਿਆਂ ‘ਚ ਠੰਡ ਵੱਧ ਗਈ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਭਵਿੱਖਵਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਿਕ ਪਹਾੜਾਂ ਤੋਂ ਬਰਫੀਲੀਆਂ ਹਵਾਵਾਂ ਆਉਣ ਕਾਰਨ ਪੰਜਾਬ ਦੇ ਕਈ ਇਲਾਕਿਆਂ ‘ਚ ਜ਼ਿਆਦਾ ਠੰਡ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਕੱਲ ਐਤਵਾਰ ਨੂੰ ਪੰਜਾਬ ‘ਚ ਦਿਨ ਦੇ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਤੋਂ ਇਲਾਵਾ ਸਮਰਾਲਾ ਦਾ ਸਭ ਤੋਂ ਵੱਧ ਤਾਪਮਾਨ 23.1 ਡਿਗਰੀ ਰਿਹਾ। ਗੁਰਦਾਸਪੁਰ ਦਾ ਸਭ ਤੋਂ ਘੱਟ ਤਾਪਮਾਨ 5.5 ਡਿਗਰੀ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ, ਲੁਧਿਆਣਾ ਦਾ 7.1, ਪਟਿਆਲਾ ਦਾ 6.7, ਪਠਾਨਕੋਟ ਦਾ 6.6, ਬਠਿੰਡਾ ਦਾ 6.0 ਅਤੇ ਮੋਗਾ ਦਾ 6.7 ਡਿਗਰੀ ਦਰਜ ਕੀਤਾ ਗਿਆ।
ਜਾਣਕਾਰੀ ਮੁਤਾਬਿਕ ਮੌਸਮ ਵਿਭਾਗ ਦਾ ਕਹਿਣਾ ਹੈ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪਹਾੜਾਂ ਵਿਚ ਬਰਫ਼ਬਾਰੀ ਹੋਈ ਹੈ। ਜਿਸ ਦਾ ਜ਼ਿਆਦਾ ਅਸਰ ਉੱਤਰੀ ਭਾਰਤ ਸਮੇਤ ਚੰਡੀਗੜ੍ਹ,ਪੰਜਾਬ ਅਤੇ ਆਸਪਾਸ ਦੇ ਇਲਾਕਿਆਂ ਵਿਚ 22 ਦਸੰਬਰ ਤੋਂ ਬਾਅਦ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ 23 ਦਸੰਬਰ ਨੂੰ ਪੰਜਾਬ ਦੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਵਿਚ ਰਾਤ ਦੇ ਤਾਪਮਾਨ ਵਿਚ ਦੋ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।