ਪੰਜਾਬ ‘ਚ VIP ਕਲਚਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤੀ ਦਿਖਾਈ ਹੈ। ਹਾਈਕੋਰਟ ਨੇ ਮਾਨ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੰਸਦ ਮੈਂਬਰਾਂ,ਵਿਧਾਇਕਾਂ, ਬੋਰਡ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਮੇਅਰ ਆਦਿ ਦੇ ਪਾਇਲਟ ਅਤੇ ਐਸਕਾਰਟ ਦੀਆਂ ਵਾਹਨਾਂ ‘ਤੇ ਲਾਲ-ਨੀਲੀ ਬੱਤੀਆਂ ਦੀ ਗੈਰ-ਕਾਨੂੰਨੀ ਵਰਤੋਂ ‘ਤੇ ਜਵਾਬ ਮੰਗਿਆ ਹੈ। ਦੱਸਦਈਏ ਕਿ ਜਲੰਧਰ ਦੇ ਸਿਮਰਨਜੀਤ ਸਿੰਘ ਨੇ VIP ਕਲਚਰ ਦੇ ਖਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਸਿਮਰਨਜੀਤ ਸਿਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਲਾਲ-ਨੀਲੀ ਬੱਤੀ ਨੂੰ VIP ਕਲਚਰ ਦਾ ਹਿੱਸਾ ਮੰਨਦਿਆਂ ਕੇਂਦਰ ਸਰਕਾਰ ਨੇ 2017 ਵਿੱਚ ਇਸ ਦੀ ਵਰਤੋਂ ਹਰ ਕਿਸੇ ਲਈ ਬੰਦ ਕਰ ਦਿੱਤੀ ਸੀ। ਉਨਾਂ ਕਿਹਾ ਕਿ ਇਨ੍ਹਾਂ ਦੀ ਵਰਤੋਂ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀਆਂ ਗੱਡੀਆਂ ‘ਤੇ ਵੀ ਨਹੀਂ ਕੀਤੀ ਜਾ ਸਕਦੀ। ਪਰ ਇਸ ਦੇ ਬਾਵਜੂਦ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਅਤੇ ਹੋਰ ਵੀ.ਆਈ.ਪੀਜ਼ ਆਪਣਾ ਪ੍ਰਭਾਵ ਦਿਖਾਉਣ ਲਈ ਆਪਣੇ ਐਸਕਾਰਟ ਅਤੇ ਪਾਇਲਟ ਵਾਹਨਾਂ ‘ਤੇ ਲਾਲ-ਨੀਲੀਆਂ ਬੱਤੀਆਂ ਲਗਾ ਰਹੇ ਹਨ।
ਪਟੀਸ਼ਨਰ ਨੇ ਕਿਹਾ ਕਿ ਸਟੇਟ ਟਰਾਂਸਪੋਰਟ ਵੱਲੋਂ ਇਨ੍ਹਾਂ ਜਨ ਨੁਮਾਇੰਦਿਆਂ ਨੂੰ ਇਹ ਗੱਡੀਆਂ ਉਪਲਬਧ ਕਰਵਾਈਆਂ ਗਈਆਂ ਹਨ ਪਰ ਇੱਥੋਂ ਤੱਕ ਕਿ ਸਟੇਟ ਟਰਾਂਸਪੋਰਟ ਕੋਲ ਅਜਿਹੀ ਵਰਤੋਂ ਦੀ ਇਜਾਜ਼ਤ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਦੇ ਨਾਲ ਹੀ ਵੀ.ਆਈ.ਪੀਜ਼ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਗੱਡੀਆਂ ਨੂੰ ਮੋਡੀਫਾਈ ਕਰਵਾ ਕੇ ਉਸ ‘ਤੇ ਪੁਲਿਸ ਦਾ ਲੋਗੋ ਵੀ ਲਗਾਇਆ ਜਾਂਦਾ ਹੈ। ਇਸ ਤਰ੍ਹਾਂ ਵਾਹਨਾਂ ਵਿੱਚ ਸੋਧ ਕਰਕੇ ਕਾਨੂੰਨ ਦਾ ਮਜ਼ਾਕ ਬਣਾਇਆ ਜਾ ਰਿਹਾ ਹੈ।
ਪਟੀਸ਼ਨਰ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਅਧਿਕਾਰੀਆਂ ਅਤੇ ਲੋਕ ਨੁਮਾਇੰਦਿਆਂ ਵਿਰੁੱਧ ਕਾਰਵਾਈ ਕਰਨ ਅਤੇ ਅਜਿਹੇ ਵਾਹਨਾਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਜਾਣ। ਹਾਈਕੋਰਟ ਨੇ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।