ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ ਦੌਰਾਨ ਪੰਜਾਬ ਦੇ ADGP ਜੇਲ੍ਹ ਵੱਲੋਂ ਸੀਲਬੰਦ ਲਿਫ਼ਾਫ਼ੇ ਵਿੱਚ ਜਾਂਚ ਰਿਪੋਰਟ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਗਈ ਸੀ। ਇਸ ਰਿਪੋਰਟ ਵਿੱਚ SIT ਨੇ ਕਿਹਾ ਸੀ ਕਿ ਇੰਟਰਵਿਊ ਪੰਜਾਬ ਜਾਂ ਹਰਿਆਣਾ ਦੀ ਜੇਲ੍ਹ ਵਿੱਚ ਨਹੀਂ ਹੋਈ। ਇਸ ਦੇ ਨਾਲ ਹੀ ਇਹ ਇੰਟਰਵਿਊ ਰਾਜਸਥਾਨ ‘ਚ ਕਰਵਾਏ ਜਾਣ ਦੀ ਸੰਭਾਵਨਾ ਜਤਾਈ ਗਈ ਹੈ। SIT ਨੇ ਇਹ ਵੀ ਸਿੱਟਾ ਕੱਢਿਆ ਹੈ ਕਿ ਬਠਿੰਡਾ ਕੇਂਦਰੀ ਜੇਲ੍ਹ ਤੋਂ ਇੰਟਰਵਿਊ ਕਰਵਾਉਣੀ ਸੰਭਵ ਨਹੀਂ ਹੈ। ਸਪੈਸ਼ਲ ਸੈੱਲ ਵਿੱਚ ਜੈਮਰ ਲਗਾਏ ਗਏ ਹਨ ਜਿੱਥੇ ਬਿਸ਼ਨੋਈ ਨੂੰ ਰੱਖਿਆ ਗਿਆ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇੱਕ ਨਿੱਜੀ ਚੈਨਲ ‘ਤੇ ਇੰਟਰਵਿਊ ਦਿੱਤੀ ਸੀ। ਲਾਰੈਂਸ ਦੇ ਇੰਟਰਵਿਊ ਨੇ ਪੰਜਾਬ ਭਰ ਵਿੱਚ ਸਨਸਨੀ ਮਚਾ ਦਿੱਤੀ ਸੀ। ਲਾਰੈਂਸ ਦਾ ਦੂਜਾ ਇੰਟਰਵਿਊ ਵੀ ਉਸੇ ਨਿੱਜੀ ਚੈਨਲ ‘ਤੇ ਪ੍ਰਸਾਰਿਤ ਕੀਤਾ ਗਿਆ ਸੀ। ਇਸ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਦੋਵਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ। ਗੈਂਗਸਟਰ ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਦੀ ਸ਼ਾਮ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ‘ਆਪ’ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ। 15 ਮਾਰਚ ਨੂੰ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਸੀ।