ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਕਲੇਸ਼ ਨੂੰ ਹੱਲ ਕਰਨ ਦੇ ਲਈ ਕਾਂਗਰਸ ਹਾਈਕਮਾਨ ਦੀ ਐਂਟਰੀ ਹੋ ਗਈ ਹੈ । ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਕੇ ਨੇ ਬਾਜਵਾ ਦਾ ਸਿੱਧੂ ‘ਤੇ ਦਿੱਤਾ ਬਿਆਨ ਮੰਗਵਾਇਆ ਹੈ,ਇਸ ਦੇ ਨਾਲ 9 ਸਾਬਕਾ ਵਿਧਾਇਕਾਂ ਦੀ ਪ੍ਰੈਸ ਰਿਲੀਜ਼ ਵਿੱਚ ਮੰਗੀ ਹੈ,ਜਿਸ ਵਿੱਚ ਉਨ੍ਹਾਂ ਨੇ ਸਿੱਧੂ ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਮੰਗ ਕੀਤੀ ਸੀ। ਉਧਰ ਇਹ ਪੂਰਾ ਮਾਮਲਾ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਧਿਆਨ ਵਿੱਚ ਵੀ ਹੈ । ਪ੍ਰਿਯੰਕਾ ਗਾਂਧੀ ਸਿੱਧੂ ਦੇ ਕਾਫੀ ਕਰੀਬ ਮੰਨੀ ਜਾਂਦੀ ਹੈ। ਮੰਨਿਆ ਜਾ ਰਿਹਾ ਹੈ ਕਿ ਮੌਜੂਦਾ ਹਾਲਾਤ ਨੂੰ ਲੈਕੇ ਉਨ੍ਹਾਂ ਦੀ ਵੀ ਸਿੱਧੂ ਨਾਲ ਗੱਲ ਹੋਈ ਹੋਵੇਗੀ । CWC ਦੀ ਮੀਟਿੰਗ ਤੋਂ ਬਾਅਦ ਕਾਰਵਾਈ ਹੋ ਸਕਦੀ ਹੈ। 2022 ਵਿੱਚ ਜੇਲ੍ਹ ਜਾਣ ਤੋਂ ਪਹਿਲਾਂ ਜਦੋਂ ਸਿੱਧੂ ਨੇ ਵੱਖ ਤੋਂ ਆਗੂਆਂ ਨਾਲ ਮੀਟਿੰਗ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਸੀ ਤਾਂ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਸ਼ਿਕਾਇਤ ‘ਤੇ ਸਿੱਧੂ ਨੂੰ ਪਾਰਟੀ ਵੱਲੋਂ ਨੋਟਿਸ ਵੀ ਜਾਰੀ ਕੀਤੀ ਗਿਆ ਸੀ। ਪਰ ਸਿੱਧੂ ਦੇ ਜੇਲ੍ਹ ਜਾਣ ਦੀ ਖਬਰ ਤੋਂ ਬਾਅਦ ਮਾਮਲਾ ਠੰਡਾ ਪੈ ਗਿਆ ਸੀ । ਉਧਰ ਸਿੱਧੂ ਨੇ ਇੱਕ ਵਾਰ ਮੁੜ ਤੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕਾਂਗਰਸ ਵਰਕਰਾਂ ਨੂੰ ਲੈਕੇ ਇੱਕ ਪੋਸਟ ਪਾਈ ਹੈ ਜਿਸ ਨੇ ਮੁੜ ਤੋਂ ਪੰਜਾਬ ਕਾਂਗਰਸ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲੋਕ ਸਭਾ 2024 ਤੋਂ ਪਹਿਲਾਂ ਫਾਰਮ ਵਿੱਚ ਵਾਪਸ ਆ ਗਏ ਹਨ। ਸਿੱਧੂ ਦੇ ਹਰਕਤ ਵਿੱਚ ਆਉਣ ਤੋਂ ਬਾਅਦ ਸੀਨੀਅਰ ਕਾਂਗਰਸੀਆਂ ਦੀਆਂ ਚਿੰਤਾਵਾਂ ਵਧਣ ਲੱਗੀਆਂ ਹਨ। ਕਾਂਗਰਸ ‘ਚ ਸਿੱਧੂ ਦੀ ਵਿਰੋਧੀਆਂ ਨੇ ਤਾਂ ਉਨ੍ਹਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਵੀ ਕੀਤੀ ਹੈ। ਇਸ ਤੋਂ ਪਹਿਲਾਂ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਸੀ, ਜਦਕਿ ਹੁਣ ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਦਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਟਕਰਾਅ ਚੱਲ ਰਿਹਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਵਿਧਾਨ ਸਭਾ 2022 ‘ਚ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਤੋਂ ਬਾਅਦ ਪੰਜਾਬ ‘ਚ ਕਾਂਗਰਸ 78 ਤੋਂ 18 ਸੀਟਾਂ ‘ਤੇ ਆ ਗਈ ਹੈ। ਹੁਣ 13 ਲੋਕ ਸਭਾ ਸੀਟਾਂ ਦਾ ਸਵਾਲ ਹੈ ਅਤੇ ਇਸ ਸਮੇਂ ਲੋਕ ਸਭਾ ਵਿੱਚ ਕਾਂਗਰਸ ਦੇ ਪੰਜਾਬ ਤੋਂ 7 ਸੰਸਦ ਮੈਂਬਰ ਹਨ। ਪਰ ਜੇਕਰ ਨਵਜੋਤ ਸਿੰਘ ਸਿੱਧੂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੋਂ ਦੂਰ ਹੁੰਦੇ ਰਹੇ ਤਾਂ ਚਿੰਤਾਵਾਂ ਵਧਣੀਆਂ ਤੈਅ ਹਨ।
ਸਿੱਧੂ ਕਹਿੰਦੇ ਹਨ ਕਿ ਉਹ ਹਾਈਕਮਾਂਡ ਨਾਲ ਖੜ੍ਹ ਕੇ ਪੰਜਾਬ ਲਈ ਲੜਨਗੇ ਤਾਂ ਇਹ ਵੱਖਰਾ ਅਖਾੜਾ ਕਿਵੇਂ ਬਣ ਗਿਆ? ਕਾਂਗਰਸ ਨੂੰ 78 ਤੋਂ 18 ਵਿਧਾਇਕਾਂ ‘ਤੇ ਲਿਆਉਣ ਲਈ ਤੁਸੀਂ ਜ਼ਿੰਮੇਵਾਰ ਹੋ। ਤੁਸੀਂ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਵਿੱਚ ਲੁੱਟ-ਖਸੁੱਟ ਰੋਕਣ ਦੇ ਏਜੰਡੇ ਨੂੰ ਰੱਦ ਕਰਕੇ ਦਲਿਤ ਕਾਰਡ ਖੇਡਿਆ ਹੈ। ਸਿੱਧੂ ਨੇ ਆਪਣੀ ਪੋਸਟ ‘ਚ ਅੱਗੇ ਕਿਹਾ ਕਿ ਤੁਸੀਂ ਦੋ ਸਾਲਾਂ ‘ਚ ਭਗਵੰਤ ਮਾਨ ਸਰਕਾਰ ਖਿਲਾਫ ਕਿਹੜਾ ਅਖਾੜਾ ਲਾਇਆ ਹੈ? ਦੱਸੋ ਤੁਹਾਡੀ ਕਾਂਗਰਸ ਸਰਕਾਰ ਦੀਆਂ ਕਿਹੜੀਆਂ ਨੀਤੀਆਂ ਅਤੇ ਫੈਸਲਿਆਂ ਦੀ ਮਾਨ ਸਰਕਾਰ ਵੱਲੋਂ ਉਲੰਘਣਾ ਕੀਤੀ ਜਾ ਰਹੀ ਹੈ? ਸਿੱਧੂ ਨੇ ਭਗਵੰਤ ਸਰਕਾਰ ਦੀਆਂ ਨੀਤੀਆਂ ਅਤੇ ਫੈਸਲਿਆਂ ‘ਤੇ ਹਮਲਾ ਬੋਲਿਆ ਤੇ ਕਿਉਂ ਦੁਖੀ ਹੋ ਰਹੇ ਹੋ? ਸਿੱਧੂ ਨੇ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਵੀ ਆਪਣੀ ਗਾਰੰਟੀ ਪੂਰੀ ਨਾ ਕਰਨ ਦੀ ‘ਆਪ’ ਸਰਕਾਰ ਦੀ ਨੀਤੀ ‘ਤੇ ਹਮਲਾ ਕੀਤਾ ਅਤੇ ਭਗਵੰਤ ਮਾਨ ਨੂੰ ਗੱਲਬਾਤ ਲਈ ਸੱਦਾ ਦੇਣ ਲਈ ਮਜਬੂਰ ਹੋਣਾ ਪਿਆ. ਪੰਜਾਬ ਕਾਂਗਰਸ ਦੇ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸ ਹਾਈਕਮਾਂਡ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬਾਹਰ ਦਾ ਰਸਤਾ ਦਿਖਾਵੇ। ਭਾਵੇਂ ਕਿ ਉਹ ਪ੍ਰਦੇਸ਼ ਕਾਂਗਰਸ ਦੇ ਸਾਬਕਾ ਮੁਖੀ ਵਜੋਂ ਸਤਿਕਾਰੇ ਜਾਂਦੇ ਹਨ, ਉਨ੍ਹਾਂ ਦੀਆਂ ਕਾਰਵਾਈਆਂ ਅਕਸਰ ਪਾਰਟੀ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਦੀਆਂ ਹਨ।
ਨਵਜੋਤ ਸਿੱਧੂ ਨੇ ਟਵੀਟ ਕੀਤਾ ਸੀ ਸਤਿਕਾਰਯੋਗ ਬਾਜਵਾ ਸਾਬ ਜੀ ਅਸੀਂ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਇਹ ਪੁੱਛਣਾ ਚਾਹੁੰਦੇ ਹਾਂ ਕਿ ਨਾ ਸਾਨੂੰ ਅਤੇ ਨਾ ਹੀ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਸਮਾਗਮਾਂ ‘ਚ ਸੱਦਿਆ ਜਾਂਦਾ ਹੈ। ਤੇ ਜੇ ਅਸੀਂ ਕਾਂਗਰਸ ਦੀ ਬੇਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ ‘ਤੇ ਰੈਲੀ ਰੱਖ ਕੇ 8 ਹਜ਼ਾਰ ਤੋਂ ਉੱਤੇ ਇੱਕਠ ਕੀਤਾ ਤਾ ਸਾਡਾ ਹੌਸਲਾ ਵਧਾਉਣ ਦੀ ਬਜਾਏ ਸਾਨੂੰ ਮਾੜਾ ਕਿਉ ਕਿਹਾ ਜਾ ਰਿਹਾ ਹੈ। ਅਸੀਂ ਅਹੁਦੇਦਾਰ ਅਤੇ ਵਰਕਰ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਰੁੱਝੇ ਹੋਏ ਹਾਂ। ਪਰ ਸਰਦਾਰ ਨਵਜੋਤ ਸਿੱਧੂ ਨਾਲ ਨੇੜਤਾ ਕਰਕੇ ਸਾਡੇ ਨਾਲ ਪਾਰਟੀ ਵਿਚ ਪੱਖਪਾਤ ਕਿਉਂ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਸਾਡੀ ਮਾਂ ਪਾਰਟੀ ਹੈ ਅਤੇ ਅਸੀਂ ਪਾਰਟੀ ਨੂੰ ਉਨ੍ਹਾਂ ਹੀ ਪਿਆਰ ਅਤੇ ਸਤਿਕਾਰ ਦਿੰਦੇ ਹਾਂ ਜਿੰਨਾ ਤੁਸੀਂ। ਪਿਛਲੇ ਲਗਭਗ ਇਕ ਮਹੀਨੇ ਤੋਂ ਤੁਸੀਂ ਵਿਰੋਧੀ ਧਿਰ ਵੱਜੀ ਕੋਈ ਵੱਡਾ ਸਮਾਗਮ ਨਹੀਂ ਕੀਤਾ ਜਦਕਿ ਅਸੀਂ ਸਰਕਾਰ ਤੋਂ ਔਖੇ ਲੋਕਾਂ ਦੇ ਸਵਾਲ ਖੁੱਲੀ ਰੈਲੀ ਕਰਕੇ ਸਰਕਾਰ ਅੱਗੇ ਰੱਖੇ। ਅਸਲ ‘ਚ ਦੁੱਖ ਇਸ ਗੱਲ ਦਾ ਹੈ ਕਿ ਵਰਕਰਾਂ ਨੂੰ ਮਾਣ ਸਤਿਕਾਰ ਅਤੇ ਨੁਮਾਇੰਦਗੀ ਨਹੀਂ ਮਿਲ ਰਹੀ ਤੇ ਜੇ ਕਿਸੇ ਸਿੱਧੂ ਵਰਗੇ ਲੀਡਰ ਨੇ ਵਰਕਰਾਂ ਦੀ ਬਾਂਹ ਫੜੀ ਹੈ ਤਾ ਕੁਝ ਲੀਡਰਾਂ ਨੂੰ ਇਹ ਗੱਲ ਚੁੱਭ ਕਿਉਂ ਰਹੀ ਹੈ। ਉਮੀਦ ਕਰਦੇ ਹਾਂ ਕਿ ਪੰਜਾਬ ਦੀ ਲੀਡਰਸ਼ਿਪ ਨਵਜੋਤ ਸਿੱਧੂ ਅਤੇ ਸਾਧਾਰਨ ਵਰਕਰਾਂ ਨਾਲ ਪੱਖਪਾਤ ਨਹੀਂ ਕਰੇਗੀ।