ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਸੁਨਾਮ ਅਦਾਲਤ ਨੇ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਅੱਠ ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ। ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀਆਂ ‘ਤੇ ਜੁਰਮਾਨਾ ਵੀ ਲਗਾਇਆ ਹੈ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਅਕਾਲੀ ਨੇਤਾ ਸ੍ਰੀ ਰਜਿੰਦਰ ਦੀਪਾ ਵੱਲੋਂ ਦਾਇਰ ਕੀਤਾ ਗਿਆ ਸੀ। ਅਮਨ ਅਰੋੜਾ ਦੀ ਭੈਣ ਸ੍ਰੀਮਤੀ ਸੋਨੀਆ ਅਰੋੜਾ ਸ੍ਰੀ ਰਜਿੰਦਰ ਦੀਪਾ ਨਾਲ ਵਿਆਹੀ ਹੋਈ ਹੈ ਅਤੇ ਜਾਇਦਾਦ ਦੇ ਝਗੜੇ ਨੂੰ ਲੈ ਕੇ ਹੀ ਉਕਤ ਮਾਮਲਾ 2008 ਵਿੱਚ ਦਰਜ ਕਰਵਾਇਆ ਗਿਆ ਸੀ। ਦੋਸ਼ ਸੀ ਕਿ ਸ੍ਰੀ ਅਰੋੜਾ ਨੇ ਸ੍ਰੀ ਦੀਪਾ ਦੇ ਘਰ ਜਾ ਕੇ ਉਨ੍ਹਾਂ ਨਾਲ ਝਗੜਾ ਕੀਤਾ ਸੀ।
ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਰਜਿੰਦਰ ਦੀਪਾ ਨੇ ਕਿਹਾ ਕਿ ਸ੍ਰੀ ਅਮਨ ਅਰੋੜਾ ਵੱਲੋਂ ਵੀ ਉਨ੍ਹਾਂ ’ਤੇ ਕੇਸ ਦਰਜ ਕਰਵਾਇਆ ਗਿਆ ਸੀ ਪਰ ਉਹ 2012 ਵਿੱਚ ਅਦਾਲਤ ਵੱਲੋਂ ਬਰੀ ਕਰ ਦਿੱਤੇ ਗਏ ਸਨ। ਤੁਹਾਨੂੰ ਖ਼ਬਰ ਦੱਸੇ ਜਾਣ ਤੱਕ ਅਮਨ ਅਰੋੜਾ ਸੁਨਾਮ ਅਦਾਲਤ ਦੇ ਅੰਦਰ ਹੀ ਮੌਜੂਦ ਹਨ