ਦੇਸ਼ ਦੇ ਕੁੱਝ ਹਿੱਸਿਆਂ ਸਣੇ ਪੰਜਾਬ ‘ਚ ਕੋਵਿਡ-19 ਦੇ ਨਵੇਂ ਵੇਰੀਐਂਟ J. N.-1 ਦੇ ਕੇਸਾਂ ‘ਚ ਵਾਧਾ ਹੋ ਰਿਹਾ ਹੈ. ਕੋਵਿਡ ਦੇ ਕੇਸਾਂ ‘ਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਕੋਵਿਡ ਨੋਡਲ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ‘ਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਨਵੇਂ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਸਰਕਾਰੀ ਸੰਸਥਾਵਾਂ ‘ਚ ਲੋੜੀਂਦੇ ਸਟਾਫ਼, ਪੀ. ਪੀ. ਈ. ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦਾ ਪੂਰਾ ਪ੍ਰਬੰਧ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਮਾੜੀ-ਮੋਟੀ ਤਕਲੀਫ਼ ਹੈ ਤਾਂ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਫ਼ੋਨ ਕਰਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।
ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਵਿਡ ਸਬੰਧੀ ਕਿਸੇ ਤਰ੍ਹਾਂ ਦੀ ਅਫ਼ਵਾਹ ਜਾਂ ਅਧੂਰੀ ਜਾਣਕਾਰੀ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਕਿਸੇ ਵੀ ਜਾਣਕਾਰੀ ਦੀ ਤਸਦੀਕ ਲਈ ਸਿਹਤ ਵਿਭਾਗ ਦੀ ਹੈਲਪਲਾਈਨ ’ਤੇ ਸੰਪਰਕ ਕੀਤਾ ਜਾ ਸਕਦਾ ਹੈ।