ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਮੁਹਿੰਮ ਜਾਰੀ ਰੱਖੀ ਹੋਈ ਹੈ. ਇਸ ਤਹਿਤ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਐਸਆਈ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ, ਅੰਮ੍ਰਿਤਸਰ ਵਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦਸਿਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਹਾਈ ਕੋਰਟ ਤੋਂ ਉਸ ਦੇ ਪਿਤਾ ਦੀ ਗ੍ਰਿਫਤਾਰੀ ‘ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ਵਿਚ ਨਿਯਮਤ ਜ਼ਮਾਨਤ ਲੈਣ ਵਿਚ ਮਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਥਾਣੇਦਾਰ ਉਸਦੇ ਪਿਤਾ ਦੁਆਰਾ ਉਹਨਾਂ ਦੀ ਸਾਂਝੀ ਫਰਮ ਵਿਚ ਭਾਈਵਾਲਾਂ ਵਿਰੁਧ ਦਰਜ ਕੀਤੇ ਇੱਕ ਵੱਖਰੇ ਕੇਸ ਵਿਚ ਮੱਦਦ ਦੇਣ ਦੇ ਨਾਮ ਹੇਠ ਪਹਿਲਾਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐਸਆਈ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦਸਿਆ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।