ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨੂੰ ਰੋਕਣ ਦੇ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਨਗਰ ਕੌਂਸਲ ਗੁਰਦਾਸਪੁਰ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਪਲਾਸਟਿਕ ਦੇ ਲਿਫਾਫੇ ਨਾ ਵਰਤੇ ਜਾਣ. ਉਹਨਾਂ ਕਿਹਾ ਕਿ ਜੇ ਹੁਣ ਪਲਾਸਟਿਕ ਦੇ ਲਿਫਾਫੇ ਵਰਤੇ ਜਾਣਗੇ 3000 ਤੋਂ 12 ਹਜਾਰ ਤੱਕ ਜੁਰਮਾਨਾ ਹੋਵੇਗਾ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਲਾਸਟਿਕ ਦੇ ਲਿਫਾਫੇ ਦੀ ਵਰਤੋਂ ਨਾਲ ਕਾਫੀ ਜਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਵੇਂ ਕਿ ਸੀਵਰੇਜ ਬਲੋਕ ਹੋ ਜਾਂਦਾ ਹੈ ਅਤੇ ਪ੍ਰਦੂਸ਼ਣ ਵੀ ਫੈਲਦਾ ਹੈ।
ਉਹਨਾਂ ਨੇ ਕਿਹਾ ਕਿ ਇਹਨਾਂ ਚੀਜ਼ਾਂ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫੇ ਤੇ ਪਾਬੰਦੀ ਲਗਾਈ ਗਈ ਹੈ ਅਤੇ ਨਗਰ ਕੌਂਸਲ ਵੀ ਲਗਾਤਾਰ ਇਸ ਮੁਹਿੰਮ ਵਿੱਚ ਕੰਮ ਕਰ ਰਿਹਾ ਹੈ। ਉਹਨਾਂ ਨੇ ਕਿਹਾ ਕਿ ਹੁਣ ਸ਼ਹਿਰ ਵਿੱਚ ਲਿਫਾਫੇ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਨਗਰ ਕੌਂਸਲ ਦੀ ਇਸ ਮੁਹਿੰਮ ਵਿੱਚ ਨਗਰ ਕੌਂਸਲ ਦਾ ਸਾਥ ਦਿੱਤਾ ਜਾਵੇ।