ਕੇਂਦਰ ਸਰਕਾਰ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁਸਲਿਮ ਲੀਗ ਜੰਮੂ ਕਸ਼ਮੀਰ-ਮਸਰਤ ਆਲਮ ਧੜੇ (MLJK-MA) ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਕਾਰਵਾਈ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਤਹਿਤ ਕੀਤੀ ਹੈ। ਸੰਗਠਨ ‘ਤੇ ਦੋਸ਼ ਹੈ ਕਿ ਇਸ ਦੇ ਮੈਂਬਰ ਜੰਮੂ-ਕਸ਼ਮੀਰ ‘ਚ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਸਨ ਅਤੇ ਅੱਤਵਾਦੀ ਸਮੂਹਾਂ ਦਾ ਸਮਰਥਨ ਕਰ ਰਹੇ ਸਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, “ਮੁਸਲਿਮ ਲੀਗ ਜੰਮੂ ਕਸ਼ਮੀਰ (ਮਸਰਤ ਆਲਮ ਧੜੇ ਨੂੰ) UAPA ਦੇ ਤਹਿਤ ‘ਗੈਰਕਾਨੂੰਨੀ ਸੰਗਠਨ’ ਘੋਸ਼ਿਤ ਕੀਤਾ ਗਿਆ ਹੈ। “ਇਹ ਸੰਗਠਨ ਅਤੇ ਇਸ ਦੇ ਮੈਂਬਰ ਜੰਮੂ ਅਤੇ ਕਸ਼ਮੀਰ ਵਿੱਚ ਦੇਸ਼ ਵਿਰੋਧੀ ਅਤੇ ਵੱਖਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹਨ, ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਦੇ ਹਨ ਅਤੇ ਲੋਕਾਂ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਇਸਲਾਮੀ ਸ਼ਾਸਨ ਸਥਾਪਤ ਕਰਨ ਲਈ ਉਕਸਾਉਂਦੇ ਹਨ।”
ਗ੍ਰਹਿ ਮੰਤਰੀ ਨੇ ਅੱਗੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦਾ ਸੰਦੇਸ਼ ਜ਼ੋਰਦਾਰ ਅਤੇ ਸਪੱਸ਼ਟ ਹੈ ਕਿ ਸਾਡੇ ਦੇਸ਼ ਦੀ ਏਕਤਾ, ਪ੍ਰਭੂਸੱਤਾ ਅਤੇ ਅਖੰਡਤਾ ਦੇ ਵਿਰੁੱਧ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਦੇ ਪੂਰੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।”