ਦੇਸ਼ ਇਸ ਵਾਰ 75ਵਾਂ ਗਣਤੰਤਰ ਦਿਹਾੜਾ ਮਨਾਉਂਣ ਜਾ ਰਿਹਾ ਹੈ, ਇਸ ਮੌਕੇ ਵੱਖ-ਵੱਖ ਸੂਬਿਆਂ ਦੀਆਂ ਝਾਂਕੀਆਂ ਕਰਤੱਵਿਆ ਪੱਥ ਉੱਤੇ ਹੋਣ ਵਾਲੀ ਪਰੇਡ ਵਿੱਚ ਹਿੱਸਾ ਲੈਣਗੀਆਂ। 26 ਜਨਵਰੀ ਮੌਕੇ ਗਣਤੰਤਰ ਦਿਵਸ ਪਰੇਡ ਵਿਚੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਰੱਖੇ ਜਾਣ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਵਿਰੋਧ ਕੀਤਾ ਹੈ। ਭਗਵੰਤ ਮਾਨ ਦੇ ਇਸ ਵਿਰੋਧ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਕਰ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋ ਰਿਹਾ, ਜਿਵੇਂ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ਪਿਛਲੀ ਵਾਰ ਅਤੇ ਇਸ ਵਾਰ ਪੰਜਾਬ ਦੀ ਝਾਕੀ ਪਰੇਡ ‘ਚ ਸ਼ਾਮਲ ਨਾ ਕਰਕੇ ਸੂਬੇ ਨਾਲ ਵਿਤਕਰਾ ਕੀਤਾ ਗਿਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ 17 ਸਾਲਾਂ ਤੋਂ 9 ਵਾਰ ਵੱਖ-ਵੱਖ ਕਾਰਨਾਂ ਕਰਕੇ ਪੰਜਾਬ ਦੀ ਝਾਕੀ ਪਰੇਡ ‘ਚ ਸ਼ਾਮਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਹਰ ਵਾਰ ਝਾਕੀ ਕੱਢਣ ਦਾ ਮੌਕਾ ਨਹੀਂ ਮਿਲਦਾ।
ਜਾਖੜ ਨੇ ਕਿਹਾ ਕਿ ਮੈਂ ਵੀ ਮੰਨਦਾ ਹਾਂ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ‘ਚ ਪੰਜਾਬੀਆਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਦੀ ਝਾਕੀ ਪਰੇਡ ‘ਚ ਸ਼ਾਮਲ ਨਾ ਕੀਤੇ ਜਾਣ ਦਾ ਕਿਸੇ ਮੁੱਖ ਮੰਤਰੀ ਨੇ ਇਤਰਾਜ਼ ਨਹੀਂ ਕੀਤਾ, ਜਿੰਨਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।