ਕਤਰ ‘ਚ ਜਲ ਸੈਨਾ ਦੇ 8 ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਉਣ ਦੇ ਮਾਮਲੇ ‘ਚ ਭਾਰਤ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕਤਰ ਦੀ ਅਦਾਲਤ ਨੇ ਜਲ ਸੈਨਾ ਦੇ 8 ਸਾਬਕਾ ਅਧਿਕਾਰੀਆਂ ਦੀ ਮੌਤ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਇਸ ਨੂੰ ਭਾਰਤੀ ਵਿਦੇਸ਼ ਮੰਤਰਾਲੇ ਅਤੇ ਨੇਵੀ ਅਧਿਕਾਰੀਆਂ ਦੇ ਪਰਿਵਾਰਾਂ ਲਈ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ ਕਤਰ ਵਿੱਚ ਨੇਵੀ ਦੇ ਜਿਨ੍ਹਾਂ 8 ਭਾਰਤੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਉਹ ਸਾਰੇ ਉੱਥੇ ਦੀ ਅਲ ਦਹਿਰਾ ਕੰਪਨੀ ਵਿੱਚ ਕੰਮ ਕਰਦੇ ਸਨ। ਕਤਰ ਦੀ ਅਦਾਲਤ ਨੇ ਅਕਤੂਬਰ ਮਹੀਨੇ ਵਿੱਚ ਜਦੋਂ ਇਨ੍ਹਾਂ ਸਾਰਿਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ ਉਦੋਂ ਤੋਂ ਵਿਦੇਸ਼ ਮੰਤਰਾਲਾ ਲਗਾਤਾਰ ਇਨ੍ਹਾਂ ਸਾਬਕਾ ਅਧਿਕਾਰੀਆਂ ਦੀ ਮਦਦ ਕਰਨ ‘ਚ ਲੱਗਾ ਹੋਇਆ ਸੀ ਅਤੇ ਮਾਮਲੇ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਸੀ।
8 ਸਾਬਕਾ ਮਰੀਨ ਜਿਨ੍ਹਾਂ ਨੂੰ ਕਤਰ ਵਿੱਚ ਮੌਤ ਦੀ ਸਜ਼ਾ ਵਿੱਚ ਰਾਹਤ ਦਿੱਤੀ ਗਈ ਹੈ, ਇੱਕ ਸਾਲ ਤੋਂ ਵੱਧ ਸਮੇਂ ਤੋਂ ਕੈਦ ਵਿੱਚ ਹਨ। ਉਨ੍ਹਾਂ ਨੂੰ ਜਾਸੂਸੀ ਦੇ ਆਰੋਪ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ, ਕਤਰ ਨੇ ਕਦੇ ਇਹ ਸਪੱਸ਼ਟ ਨਹੀਂ ਕੀਤਾ ਕਿ ਇਨ੍ਹਾਂ ਸਾਬਕਾ ਅਧਿਕਾਰੀਆਂ ‘ਤੇ ਕੀ ਦੋਸ਼ ਹਨ। ਭਾਰਤੀ ਪੱਖ ਤੋਂ ਉਨ੍ਹਾਂ ਨੂੰ ਰਿਹਾਅ ਕਰਨ ਲਈ ਕਈ ਵਾਰ ਅਪੀਲਾਂ ਕੀਤੀਆਂ ਗਈਆਂ ਸਨ, ਪਰ ਹਰ ਵਾਰ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। 26 ਅਕਤੂਬਰ ਨੂੰ ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਵਿਦੇਸ਼ ਮੰਤਰਾਲੇ ਨੇ ਖੁਦ ਇਸ ਫੈਸਲੇ ‘ਤੇ ਹੈਰਾਨੀ ਪ੍ਰਗਟਾਈ ਸੀ ਅਤੇ ਇਹ ਮਾਮਲਾ ਕਤਰ ਦੇ ਅਧਿਕਾਰੀਆਂ ਕੋਲ ਉਠਾਉਣ ਦਾ ਭਰੋਸਾ ਦਿੱਤਾ ਸੀ।