ਜਲੰਧਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਜਲੰਧਰ ਦੇ ਪਿੰਡ ਡਰੌਲੀ ਖੁਰਦ ‘ਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਬੱਚੀ ਸਮੇਤ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਮ੍ਰਿਤਕਾਂ ਦੀ ਪਛਾਣ ਮਨਮੋਹਨ ਸਿੰਘ (55), ਉਸ ਦੀ ਪਤਨੀ ਸਰਬਜੀਤ ਕੌਰ (55), ਦੋ ਧੀਆਂ ਪ੍ਰਭਜੋਤ ਉਰਫ਼ ਜੋਤੀ (32), ਗੁਰਪ੍ਰੀਤ ਕੌਰ ਉਰਫ਼ ਗੋਪੀ (31), ਜੋਤੀ ਦੇ ਬੇਟੀ ਅਮਨ (3) ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਹੁਣ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
ਮ੍ਰਿਤਕ ਮਨਮੋਹਨ ਦੇ ਜਵਾਈ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਦਿਨ ਤੋਂ ਆਪਣੇ ਸਹੁਰੇ ਨੂੰ ਫੋਨ ਕਰ ਰਿਹਾ ਸੀ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਐਤਵਾਰ ਦੇਰ ਸ਼ਾਮ ਜਦੋਂ ਉਹ ਖੁਦ ਡਰੌਲੀ ਖੁਰਦ ਪਹੁੰਚੇ ਤਾਂ ਘਰ ‘ਚ ਪੰਜਾਂ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਪੁਲਿਸ ਮੁਤਾਬਕ ਘਟਨਾ ਵਾਲੀ ਥਾਂ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਹਾਲਾਂਕਿ ਅਧਿਕਾਰਤ ਤੌਰ ‘ਤੇ ਕਿਸੇ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲ ਰਿਹਾ ਹੈ ਕਿ ਪਰਿਵਾਰ ਨੇ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕੀਤੀ ਹੈ।
ਆਲੇ-ਦੁਆਲੇ ਰਹਿ ਰਹੇ ਲੋਕਾਂ ਦਾ ਕਹਿਣਾ ਹੈ ਕਿ ਮਨਮੋਹਨ ਸਿੰਘ ਲੰਬੇ ਸਮੇਂ ਤੋਂ ਕਰਜ਼ੇ ਤੋਂ ਪ੍ਰੇਸ਼ਾਨ ਸੀ। ਐਸਐਸਪੀ ਮੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਮਨਮੋਹਨ ਸਿੰਘ ਨੇ ਚਾਰਾਂ ਦੀ ਹੱਤਿਆ ਕਰਨ ਤੋਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ ਜਾਂ ਨਹੀਂ। ਪੁਲਿਸ ਨੂੰ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।