ਫਾਜ਼ਿਲਕਾ ‘ਚ 2015 ‘ਚ ਦਰਜ ਹੋਏ NDPS ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਰੈਗੂਲਰ ਜ਼ਮਾਨਤ ਦੀ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਜਿਹੇ ‘ਚ ਹੁਣ ਉਨ੍ਹਾਂ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ। ਪਰ ਨਾਲ ਹੀ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਨੇ ਇੱਕ ਨਿਜੀ ਚੈਨਲ ਨੂੰ ਦੱਸਿਆ ਕਿ ਉਨ੍ਹਾਂ ਦੇ ਪਿਤਾ ਤੇ ਇੱਕ ਹੋਰ FIR ਦਰਜ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ, ਇਹ FIR ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਧਾਰਾ 195 ਏ ਅਤੇ 506 ਆਈਪੀਸੀ ਤਹਿਤ ਦਰਜ ਕੀਤੀ ਗਈ ਹੈ।ਇਸ ਬਾਰੇ ਜਾਣਕਾਰੀ ਵਧੀਕ SHO ਬਲਜੀਤ ਸਿੰਘ ਨੇ ਦਿੱਤੀ ਹੈ।
ਹੁਣ ਇਸ ਸਭ ਤੋਂ ਬਾਅਦ ਹਾਲੇ ਸਾਫ਼ ਨਹੀਂ ਹੈ ਕਿ ਉਹ ਜੇਲ੍ਹ ਤੋਂ ਬਾਹਰ ਆ ਵੀ ਸਕਣਗੇ ਜਾਂ ਨਹੀਂ। ਉਨ੍ਹਾਂ ਦੇ ਦਰਜ ਨਵੀਂ FIR ਨੂੰ ਲੈ ਕੇ ਕਾਂਗਰਸ ਪ੍ਰਧਾਨ ਅਮਰਇੰਦਰ ਸਿੰਘ ਰਾਜਾ ਵੜ੍ਹਿੰਗ ਨੇ ਆਰੋਪ ਲਗਾਇਆ ਹੈ ਕਿ ਇਹ ਪੂਰੀ ਤਰ੍ਹਾਂ ਨਾਲ ਬਦਲੇ ਦੀ ਸਿਆਸਤ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਜਲਾਲਾਬਾਦ ‘ਚ ਮਾਰਚ 2015 ਵਿੱਚ, NDPS ਮਾਮਲੇ ਵਿੱਚ FIR ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਗੁਰਦੇਵ ਸਿੰਘ ਸਮੇਤ ਨੌਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ NDPS ਐਕਟ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਪੁਲਿਸ ਨੇ ਇਨ੍ਹਾਂ ਕੋਲੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ ਪਿਸਤੌਲ, ਇੱਕ 315 ਬੋਰ ਦਾ ਪਿਸਤੌਲ ਅਤੇ ਦੋ ਪਾਕਿਸਤਾਨੀ ਸਿਮ ਕਾਰਡ ਬਰਾਮਦ ਕੀਤੇ ਸਨ। ਬਾਅਦ ਵਿੱਚ ਪੁਲਿਸ ਜਾਂਚ ਦੌਰਾਨ ਖਹਿਰਾ ਦਾ ਨਾਮ ਸਾਹਮਣੇ ਆਇਆ ਸੀ।
ਇਸ ਤੋਂ ਬਾਅਦ 2017 ਵਿੱਚ, ਸੁਪਰੀਮ ਕੋਰਟ ਨੇ ਖਹਿਰਾ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਸੀ। ਉਨ੍ਹਾਂਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ਵਿੱਚ, ਸੁਪਰੀਮ ਕੋਰਟ ਨੇ ਡਰੱਗਜ਼ ਕੇਸ ਵਿੱਚ ਖਹਿਰਾ ਵਿਰੁੱਧ ਸੰਮਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ। ਪਰ ਖਹਿਰਾ ਨੂੰ ਪੰਜਾਬ ਪੁਲਿਸ ਨੇ ਬੀਤੀ 28 ਸਤੰਬਰ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਮੁੜ ਤੋਂ ਗ੍ਰਿਫਤਾਰ ਕੀਤਾ ਸੀ।