ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨੀਂ HIGH COURT ਵਿੱਚ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਨ ਸਭਾ ਤੋਂ ਕੀਤੇ ਜਾ ਰਹੇ ਟੈਲੀਕਾਸਟ ਵਿੱਚ ਸਿਰਫ਼ ਸੱਤਾਧਾਰੀ ਪਾਰਟੀ ਅਤੇ ਉਸ ਦੇ ਆਗੂਆਂ ਨੂੰ ਹੀ ਅਹਿਮੀਅਤ ਦਿੱਤੀ ਜਾਂਦੀ ਹੈ। ਵਿਰੋਧੀ ਧਿਰ ਦੇ ਨੇਤਾਵਾਂ ਨੂੰ ਦਿਖਾਇਆ ਨਹੀਂ ਜਾਂਦਾ, ਜਦੋਂ ਵਿਰੋਧੀ ਨੇਤਾ ਬੋਲਦੇ ਹਨ ਤਾਂ ਕੈਮਰਾ ਉਨ੍ਹਾਂ ‘ਤੇ ਨਹੀਂ ਹੁੰਦਾ। ਇਸ ਤਰ੍ਹਾਂ ਉਨ੍ਹਾਂ ਨੂੰ ਕਵਰੇਜ ਬਿਲਕੁਲ ਨਹੀਂ ਮਿਲਦੀ।
ਦੱਸ ਦਈਏ ਕਿ ਬਾਜਵਾ ਨੇ ਇਸ ਸਬੰਧੀ ਵਿਧਾਨ ਸਭਾ ਸਪੀਕਰ ਨੂੰ ਵੀ ਸ਼ਿਕਾਇਤ ਕੀਤੀ ਸੀ, ਜਿਸ ’ਤੇ ਕੋਈ ਕਾਰਵਾਈ ਨਹੀਂ ਹੋਈ। ਇਸ ਸਭ ਤੋਂ ਬਾਅਦ ਹੁਣ ਬਾਜਵਾ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਹਾਈ ਕੋਰਟ ਨਿਰਦੇਸ਼ ਜਾਰੀ ਕਰੇ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਾਰਿਆਂ ਨੂੰ ਬਰਾਬਰ ਕਵਰੇਜ ਦਿੱਤੀ ਜਾਵੇ। ਇਸ ਮਾਮਲੇ ‘ਤੇ ਹੁਣ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।