ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 15 ਸਾਲ ਪੁਰਾਣੇ ਇਕ ਕੇਸ ਵਿਚ ਸੁਨਾਮ ਦੀ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ. ਅਦਾਲਤ ਵਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਅਮਨ ਅਰੋੜਾ ਨੇ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿਚ ਚੁਣੌਤੀ ਦਿਤੀ ਸੀ। ਜਿਸ ਤੋਂ ਬਾਅਦ ਹੁਣ ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 15 ਜਨਵਰੀ ਨੂੰ ਕਰੇਗੀ। ਹਾਲਾਂਕਿ ਇਸ ਤੋਂ ਪਹਿਲਾਂ ਇਸ ਮਾਮਲੇ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਮਨ ਅਰੋੜਾ ਨੂੰ ਕੈਬਨਿਟ ‘ਚੋ ਨਾ ਹਟਾਏ ਜਾਣ ‘ਤੇ ਸਵਾਲ ਉਠਾਏ ਸਨ. ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਉਨ੍ਹਾਂ ਨੂੰ ਹਟਾਉਣ ਸਬੰਧੀ ਰੀਪੋਰਟ ਮੰਗੀ ਸੀ।
ਜਿਕਰ ਕਰ ਦਇਏ ਕਿ 21 ਦਸੰਬਰ ਨੂੰ ਸੰਗਰੂਰ ਜ਼ਿਲ੍ਹੇ ਦੀ ਇਕ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ 2008 ਨਾਲ ਸਬੰਧਤ ਇਕ ਮਾਮਲੇ ਵਿਚ ਸੁਣਾਈ ਗਈ ਸੀ। ਇਸ ਵਿਚ ਅਮਨ ਅਰੋੜਾ ਦਾ ਅਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਉਨ੍ਹਾਂ ’ਤੇ ਇਲਜ਼ਾਮ ਸੀ ਕਿ 15 ਸਾਲ ਪਹਿਲਾਂ ਅਮਨ ਅਰੋੜਾ ਨੇ ਘਰ ‘ਚ ਦਾਖਲ ਹੋ ਕੇ ਆਪਣੇ ਜੀਜੇ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿਚ ਅਮਨ ਅਰੋੜਾ ਅਤੇ ਹੋਰਨਾਂ ਵਿਰੁਧ IPC ਦੀ ਧਾਰਾ 452 ਅਤੇ 323 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੰਗਰੂਰ ਦੀ ਅਦਾਲਤ ਨੇ ਧਾਰਾ 452 ਤਹਿਤ 2 ਸਾਲ ਅਤੇ ਧਾਰਾ 323 ਤਹਿਤ 1 ਸਾਲ ਦੀ ਸਜ਼ਾ ਸੁਣਾਈ ਸੀ।