ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਅੱਜ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿਚ ਆਯੋਜਿਤ ਸਮਾਗਮ ਦੌਰਾਨ ਗਡਕਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦੇ ਹੋਏ 4 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ 29 ਰਾਸ਼ਟਰੀ ਰਾਜ ਮਾਰਗ ਪ੍ਰੀ-ਯੋਜਨਾਵਾਂ ਦਾ ਲੋਕ ਅਰਪਣ/ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ ਜੋ ਕਿ 75 ਕਿਲੋਮੀਟਰ ਲੰਬਾ ਹੋਵੇਗਾ ਤੇ ਇਸ ’ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਸ Highway ਦੇ ਬਣਨ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਮਿੰਟਾਂ ਵਿੱਚ ਤੈਅ ਕੀਤੀ ਜਾਵੇਗੀ। ਇਸ ਨੂੰ ਦਸੰਬਰ 2025 ਤੱਕ ਬਣਾਇਆ ਜਾਵਗਾ।
ਪ੍ਰੋਗਰਾਮ ’ਚ ਨਿਤਿਨ ਗਡਕਰੀ ਨੇ ਕਿਹਾ ਕਿ 2014 ’ਚ ਨਰਿੰਦਰ ਮੋਦੀ ਸਰਕਾਰ ਆਈ ਸੀ ਅਤੇ ਸਾਡਾ ਧਿਆਨ ਸੜਕੀ ਢਾਂਚੇ ਵੱਲ ਸੀ। ਜੇਕਰ ਅਸੀਂ ਸੂਬੇ ਅਤੇ ਦੇਸ਼ ਦਾ ਵਿਕਾਸ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਵਧੀਆ ਬੁਨਿਆਦੀ ਢਾਂਚਾ ਬਣਾਉਣਾ ਹੋਵੇਗਾ। ਜੇਕਰ ਬੁਨਿਆਦੀ ਢਾਂਚਾ ਚੰਗਾ ਹੋਵੇਗਾ ਤਾਂ ਉਦਯੋਗ ਆਉਣਗੇ। ਉਦਯੋਗ ਆਉਣਗੇ ਤਾਂ ਚੰਗਾ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਘੱਟ ਸਮੇਂ ਵਿੱਚ ਕਰਤਾਰਪੁਰ ਲਾਂਘਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਮਦਾਸ ਤੱਕ 4 ਮਾਰਗੀ ਹਾਈਵੇਅ ਦਾ ਕੰਮ 2024 ਵਿੱਚ ਮੁਕੰਮਲ ਹੋ ਜਾਵੇਗਾ। ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਾਣ ਵਾਲਾ ਰਸਤਾ ਆਸਾਨ ਹੋ ਜਾਵੇਗਾ।