ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਕਚਹਿਰੀਆਂ ਵਿੱਚ ਮਾਣਹਾਨੀ ਦਾ ਕੇਸ ਦਰਜ ਕਰਵਾਉਣ ਜਾ ਰਹੇ ਹਨ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੇ 17 ਨਵੰਬਰ 2023 ਨੂੰ CM ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਜਿਸ ਵਿੱਚ ਉਹਨਾਂ ਨੇ ਦਾਅਵਾ ਕੀਤਾ ਸੀ ਕਿ CM ਮਾਨ ਨੇ ਪਰਿਵਾਰ ਦੇ ਮਾਣ-ਸਨਮਾਨ ਨੂੰ ਢਾਹ ਲਾਈ ਹੈ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਨੋਟਿਸ ਮਿਲਣ ਦੇ 5 ਦਿਨਾਂ ਅੰਦਰ ਅੰਦਰ ਮੁਆਫ਼ੀ ਮੰਗੀ ਜਾਵੇ। ਉਹਨਾਂ ਕਿਹਾ ਸੀ ਕਿ ਜੇਕਰ ਭਗਵੰਤ ਮਾਨ ਮੁਆਫ਼ੀ ਨਹੀਂ ਮੰਗਦੇ ਤਾਂ ਫਿਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਕੀ ਹੈ ਮਾਮਲਾ?
ਸੁਖਬੀਰ ਬਾਦਲ ਨੇ ਨੋਟਿਸ ਵਿੱਚ ਕਿਹਾ ਕਿ CM ਮਾਨ ਨੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਰੱਖੀ ਬਹਿਸ ਦੌਰਾਨ ਗਲਤ ਬਿਆਨਬਾਜ਼ੀ ਕਰਦਿਆਂ ਦਾਅਵਾ ਕੀਤਾ ਸੀ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਸੀ। ਸੁਖਬੀਰ ਨੇ ਇਹ ਦੋਸ਼ ਵੀ ਲਾਇਆ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਦੇ ਟਰਾਂਸਪੋਰਟ ਵਪਾਰ ਬਾਰੇ ਵੀ ਬੇਬੁਨਿਆਦ ਦੋਸ਼ ਲਗਾ ਕੇ ਵੱਕਾਰ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਉਹਨਾਂ ਕਿਹਾ ਕਿ CM ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਦਾ ਅਕਸ ਖਰਾਬ ਕਰਨ ਲਈ ਇਹ ਦਾਅਵਾ ਕੀਤਾ ਕਿ 1998 ਵਿਚ ਸ੍ਰੀ ਬਾਦਲ ਨੇ ਹਰਿਆਣਾ ਦੇ ਬਾਲਾਸਰ ਵਿਚ ਬਾਦਲ ਫਾਰਮ ਤੱਕ ਨਹਿਰ ਲੁਆਉਣ ਲਈ ਭਾਖੜਾ ਮੇਨ ਲਾਈਨ ਨਹਿਰ ਦੀ ਉਚਾਈ ਉੱਚੀ ਚੁੱਕੀ।