ਪੰਜਾਬ ਸਮੇਤ ਪੂਰੇ ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਪੈ ਰਹੀ ਹੈ। ਧੁੰਦ ਕਾਰਨ ਵਾਹਨ ਚਲਾਉਣ ਵਾਲੇ ਲੋਕਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਮੋਹਾਲੀ ਦੇ ਏਅਰਪੋਰਟ ਰੋਡ ਉਪਰ ਵਾਹਨਾਂ ਨੂੰ ਬਰੇਕ ਲੱਗ ਗਈ। ਚਾਲਕ ਬਹੁਤ ਹੀ ਹੌਲੀ ਰਫਤਾਰ ਵਿੱਚ ਆਪਣੀ ਮੰਜ਼ਿਲ ਵੱਲ ਨੂੰ ਵਧਦੇ ਨਜ਼ਰ ਆਏ।
ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ‘ਚ ਸੰਘਣੀ ਧੁੰਦ ਛਾਈ ਰਹੇਗੀ। ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ।
ਚੰਡੀਗੜ੍ਹ ਦੀ ਗੱਲ ਕਰੀਏ ਤਾਂ ਚੰਡੀਗੜ੍ਹ ‘ਚ ਐਤਵਾਰ ਰਾਤ ਨੂੰ ਤਾਪਮਾਨ 3.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਹ ਰਾਤ 2018 ਤੋਂ ਬਾਅਦ ਸਭ ਤੋਂ ਠੰਢੀ ਰਾਤ ਰਹੀ ਹੈ। ਠੰਡ ਦੇ ਨਾਲ-ਨਾਲ ਧੁੰਦ ਨੇ ਵੀ ਸ਼ਹਿਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।