ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਡਰੱਗਜ਼ ਮਾਮਲੇ ਦੇ ਮੱਦੇਨਜ਼ਰ ਪਟਿਆਲਾ ਵਿੱਚ ਨਵੀਂ ਐਸਆਈਟੀ ਸਾਹਮਣੇ ਪੇਸ਼ ਹੋਣਗੇ। ਮਜੀਠੀਆ ਕੋਲੋਂ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਸਬੰਧੀ ਪੁੱਛਗਿੱਛ ਕੀਤੀ ਜਾਏਗੀ। ਉਂਜ ਇਸ ਤੋਂ ਪਹਿਲਾਂ ਏਡੀਜੀਪੀ ਮੁਖਵਿੰਦਰ ਛੀਨਾ ਦੀ ਅਗਵਾਈ ਹੇਠਲੀ ਸੀਟ ਵੱਲੋਂ ਭਾਵੇਂ ਦੋ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਪਰ ਉਨ੍ਹਾਂ ਦੀ 31 ਦਸੰਬਰ ਨੂੰ ਹੋਈ ਸੇਵਾਮੁਕਤੀ ਉਪਰੰਤ ਨਵੀਂ ਬਣੀ ਸੀਟ ਕੋਲ ਮਜੀਠੀਆ ਦੀ ਇਹ ਪਹਿਲੀ ਪੇਸ਼ੀ ਹੈ। ਇੱਥੇ ਅਕਾਲੀ ਕਾਰਕੁਨਾਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।
ਦੱਸ ਦਈਏ ਕਿ ਨਵੀਂ ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਸਰਕਾਰ ਨੇ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਐਸਆਈਟੀ ਦਾ ਪੁਨਰਗਠਨ ਕੀਤਾ ਸੀ। ਡੀਆਈਜੀ ਭੁੱਲਰ ਤੋਂ ਇਲਾਵਾ ਐਸਆਈਟੀ ਵਿੱਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮਜੀਠੀਆ ਨੂੰ 27 ਦਸੰਬਰ ਨੂੰ ਬੁਲਾਇਆ ਗਿਆ ਸੀ, ਪਰ ਉਹ ਨਾਕਾਫ਼ੀ ਦਸਤਾਵੇਜ਼ਾਂ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ ਪੁਰਾਣੀ ਐਸਆਈਟੀ ਨੇ 30 ਦਸੰਬਰ ਨੂੰ ਉਨ੍ਹਾਂ ਨੂੰ ਦੁਬਾਰਾ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਸੀ ਤੇ ਕਰੀਬ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ।