ਪੰਜਾਬ ਵਿੱਚ 5 ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋ ਚੁੱਕਿਆ ਹੈ ਉਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਨਾ ਕਰਵਾਉਣ ਦੇ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਇਸ ਮਾਮਲੇ ‘ਚ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਦਲੀਲ ਪੇਸ਼ ਕੀਤੀ ਹੈ ਕਿ ਵਾਰਡਬੰਦੀ ਨਾਲ ਸਬੰਧਤ ਇੱਕ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਕਰ ਰਿਹਾ ਹੈ। ਵਾਰਡਬੰਦੀ ਨੂੰ ਲੈ ਕੇ ਚੱਲ ਰਹੀ ਸੁਣਵਾਈ ਲਈ ਸੁਪਰੀਮ ਕੋਰਟ ਨੇ 30 ਜਨਵਰੀ ਦੀ ਤਰੀਕ ਤੈਅ ਕੀਤੀ ਹੈ। ਅਜਿਹੇ ‘ਚ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ ਜਾਣੀ ਚਾਹੀਦੀ ਹੈ। ਹਾਈਕੋਰਟ ਨੇ ਸਰਕਾਰ ਦੀ ਦਲੀਲ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 5 ਫ਼ਰਵਰੀ ਤੈਅ ਕੀਤੀ ਹੈ। ਹਾਲਾਂਕਿ, ਹਾਈਕੋਰਟ ਨੇ ਪਿਛਲੀ ਸੁਣਵਾਈ ਦਰਮਿਆਨ ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਦੇ ਨਾਲ ਹੀ, ਅਗਲੀ ਸੁਣਵਾਈ ਉੱਤੇ ਚੋਣ ਪ੍ਰੋਗਰਾਮ ਪੇਸ਼ ਕਰਨ ਦੇ ਹੁਕਮ ਦਿੱਤੇ ਗਏ।
ਦੱਸ ਦਈਏ ਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਫਗਵਾੜਾ ਦਾ ਨਗਰ ਨਿਗਮ ਦਾ ਕਾਰਜਕਾਲ ਪੂਰਾ ਹੋ ਚੁੱਕਿਆ ਹੈ। ਇਸ ਨੂੰ ਲੈ ਕੇ ਅੰਮ੍ਰਿਤਸਰ ਤੋਂ ਇੱਕ ਪਟੀਸ਼ਨ ਪਾਈ ਗਈ ਸਈ ਜਿਸ ਚ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਜਨਵਰੀ 2023 ਵਿੱਚ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋ ਚੁੱਕਿਆ ਹੈ, ਇਸ ਲਈ ਚੋਣਾਂ ਕਰਵਾਉਣ ਦੀ ਲੋੜ ਸੀ ਕਿਉਂਕਿ ਲੋਕਤਾਂਤਰਿਕ ਪ੍ਰਕੀਰਿਆ ਲਈ ਲਾਜ਼ਮੀ ਹੈ। ਚੋਣਾਂ ਨਾ ਕਰਵਾ ਕੇ ਸੂਬਾ ਸਰਕਾਰ ਨੇ ਲਗਭਗ ਇੱਕ ਸਾਲ ਤੋਂ ਵੋਟਰਾਂ ਨੂੰ ਉਨ੍ਹਾਂ ਦੇ ਜਮਹੂਰੀ ਹੱਕਾਂ ਤੋਂ ਵਾਂਝਾ ਰੱਖਿਆ ਹੈ। ਸੂਬਾ ਚੋਣ ਕਮਿਸ਼ਨ ਨੇ ਇਸ ਸਬੰਧ ਚ ਕੋਈ ਨੋਟੀਫਿਕੇਸ਼ਨ ਨਹੀਂ ਦਿੱਤਾ ਹੈ।