ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ। ਆਏ ਦਿਨ ਪੰਜਾਬ ਤੋਂ ਕਤਲ ਦੇ ਮਾਮਲੇ ਸਾਹਮਣੇ ਆਉਂਦੇ ਹਨ। ਹੁਣ ਨਵਾਂ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਲੰਧਰ ਦੇ ਲੈਦਰ ਕੰਪਲੈਕਸ ਨੇੜੇ ਬੁੱਧਵਾਰ ਸਵੇਰੇ 18 ਸਾਲਾਂ ਅੰਕੁਰ ਨਾਂਅ ਦੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਗਰਦਨ ‘ਤੇ ਕਿਸੇ ਤਿੱਖੀ ਚੀਜ਼ ਨਾਲ ਤਿੱਖੇ ਵਾਰ ਕੀਤੇ ਗਏ ਹਨ। ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਕ੍ਰਾਈਮ ਸੀਨ ਦੇ ਨੇੜੇ ਪੁਲਿਸ ਨੂੰ ਕਾਫ਼ੀ ਖ਼ੂਨ ਬਿਖਰਿਆ ਹੋਇਆ ਮਿਲਿਆ ਸੀ। ਉਥੇ ਹੀ ਥਾਣਾ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਠਾਕੁਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਕਤ ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਇਥੇ ਸੁੱਟਿਆ ਗਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।