ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਐਮਪੀ ਸਿਰਮਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਗਿਅ ਹੈ। ਇਸ ਦੀ ਜਾਣਕਾਰੀ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਹੈ। ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਿਹਾ ਕਿ – ਕੀ ਪੰਜਾਬ ਵੀ ਪਾਕਿਸਤਾਨ ਵਾਂਗ ਫੌਜ/ਪੁਲਿਸ ਰਾਜ ਬਣ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਅੱਜ ਹਿਰਾਸਤ ‘ਚ ਲੈ ਲਿਆ ਜੋ ਗ਼ੈਰ ਕਾਨੂੰਨੀ ਹੈ। ਅੱਜ ਭਾਨਾ ਸਿੱਧੂ ਦੇ ਹੱਕ ‘ਚ ਸਿਮਰਨਜੀਤ ਸਿੰਘ ਮਾਨ ਨੇ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ।
ਇਸ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਕਿ, “ਸਾਨੂੰ ਪੰਜਾਬ ਵਿੱਚ ਸਰਕਾਰ ਦੇ ਗਲਤ ਫੈਸਲਿਆਂ ਦਾ ਵਿਰੋਧ ਕਰਨ ਦੀ ਵੀ ਇਜਾਜ਼ਤ ਨਹੀਂ ਹੈ? ਇਹ ਲੋਕਤੰਤਰ ਦਾ ਕਤਲ ਹੈ ਅਤੇ ਸੰਵਿਧਾਨ ਵਿੱਚ ਦਰਜ ਸਾਡੇ ਬੁਨਿਆਦੀ ਅਧਿਕਾਰਾਂ ਦਾ ਕਤਲ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਬਾਬਾ ਸਾਹਿਬ ਅੰਬੇਡਕਰ ਜੀ ਦੀਆਂ ਤਸਵੀਰਾਂ ਹਟਾ ਦਿਓ।
ਜ਼ਿਕਰ ਕਰ ਦਇਏ ਕਿ 1 ਫਰਵਰੀ ਨੂੰ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਧੂਰੀ ਵਿਖੇ ਵੱਡੀ ਮੀਟਿੰਗ ਕਰਕੇ ਸੰਘਰਸ਼ ਦਾ ਸੱਦਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਘਰਸ਼ ਦੇ ਇਹ ਪ੍ਰੋਗਰਾਮ ਉਦੋਂ ਤੱਕ ਇਸੇ ਤਰ੍ਹਾਂ ਜਾਰੀ ਰਹਿਣਗੇ ਜਦੋਂ ਤੱਕ ਭਾਨਾ ਸਿੱਧੂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਨਹੀਂ ਕੀਤੇ ਜਾਂਦੇ ਅਤੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਮੰਚ ’ਤੇ ਆ ਕੇ ਭਾਨਾ ਸਿੱਧੂ ਖ਼ਿਲਾਫ਼ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਦਾ ਸਮਰਥਨ ਕਰਨਗੀਆਂ। 3 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।