ਦੇਸ਼ ‘ਚ ਵੱਖ-ਵੱਖ ਗੁਰਦੁਆਰਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਸਿੱਖਾਂ ‘ਚ ਪਹਿਲਾਂ ਹੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਮਹਾਰਾਸ਼ਟਰਾ ‘ਚ ਏਕਨਾਥ ਸ਼ਿੰਦੇ ਸਰਕਾਰ ਵੱਲੋਂ ਲਏ ਗਏ ਇਕ ਫੈਸਲੇ ਨੇ ਸਿੱਖ ਕੌਮ ‘ਚ ਰੋਸ ਪੈਦਾ ਕਰ ਦਿੱਤਾ ਹੈ। ਦੱਸ ਦਇਏ ਕਿ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ਵਿੱਚ ਸੋਧ ਕੀਤੀ ਗਈ, ਜਿਸ ਦੀ SGPC ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ। ਹੁਣ ਇਸ ਸਭ ਦੇ ਚੱਲਦੇ ਤਖਤ ਸਾਹਿਬ ਦੇ ਪੰਜ ਪਿਆਰਿਆਂ ਦੇ ਆਦੇਸ਼ ਅਨੁਸਾਰ ਸਿੱਖ ਸੰਗਤਾਂ ਵਲੋਂ 11.30 ਅਰਦਾਸ ਉਪਰੰਤ ਰੋਸ ਮਾਰਚ ਕੱਢਿਆ ਜਾਵੇਗਾ, ਜਿਸ ਵਿਚ ਮਹਾਰਾਸ਼ਟਰ ਦੇ ਸਿੱਖ ਨੁਮਾਇੰਦਿਆਂ ਤੇ ਸੰਗਤ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਉੱਚੇਚੇ ਤੋਰ ’ਤੇ ਸ਼ਮੂਲੀਅਤ ਕਰੇਗੀ।
ਇਸ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਸੁਲਤਾਨ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਰਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ, ਅਜਮੇਰ ਸਿੰਘ ਖੇੜਾ ਮੈਂਬਰ, ਡਾਕਟਰ ਦਲਜੀਤ ਸਿੰਘ ਚੀਮਾ ਸਮੇਤ 9 ਮੈਂਬਰੀ ਵਫਦ ਕਰੇਗਾ ਰੋਸ ਪ੍ਰਦਰਸ਼ਨ ’ਚ ਸ਼ਮੂਲੀਅਤ ਕਰਨਗੇ। ਜ਼ਿਕਰ ਕਰ ਦਇਏ ਕਿ ਇਸ ਤੋਂ ਪਹਿਲਾਂ ਇਸ ਸੋਧ ’ਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਐਕਟ, 1956 ਵਿੱਚ ਅਜਿਹੀ ਸੋਧ ਦਾ ਪ੍ਰਸਤਾਵ ਕਰਨ ਤੋਂ ਪਹਿਲਾਂ ਸਿੱਖਾਂ ਨਾਲ ਕੋਈ ਅਗਾਊਂ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਹੈ। ਮੈਂ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕ ਨਾਥ ਸ਼ਿੰਦੇ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਨ ਅਤੇ ਚਿੰਤਾਵਾਂ ਵਿੱਚ ਸਰਕਾਰੀ ਪ੍ਰਭਾਵ ਵਧਾਉਣ ਦੀਆਂ ਸਾਜ਼ਿਸ਼ਾਂ ਨੂੰ ਤੁਰੰਤ ਬੰਦ ਕਰਨ।