ਚੰਡੀਗੜ੍ਹ ਦੇ ਮੇਅਰ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀ ਟਿੱਪਣੀ ਤੋਂ ਬਾਅਦ ਵੀ ਇਸ ਮੁੱਦੇ ‘ਤੇ ਵਿਵਾਦ ਰੁਕਿਆ ਨਹੀਂ ਹੈ। ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ 26 ਫਰਵਰੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਨ੍ਹਾਂ ਦੋਵਾਂ ਅਹੁਦਿਆਂ ਸਬੰਧੀ ਦਾਇਰ ਪਟੀਸ਼ਨ ਦੀ ਸੁਣਵਾਈ ਹੁਣ ਮੇਅਰ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੇ ਨਾਲ ਹੋਵੇਗੀ।
ਚੰਡੀਗੜ੍ਹ ‘ਚ ‘ਆਪ’-ਕਾਂਗਰਸ ਗਠਜੋੜ ਦੇ ਦੋਵੇਂ ਉਮੀਦਵਾਰਾਂ ਗੁਰਪ੍ਰੀਤ ਸਿੰਘ ਅਤੇ ਨਿਰਮਲਾ ਦੇਵੀ ਨੇ ਆਪਣੀ ਪਟੀਸ਼ਨ ‘ਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਨ ਅਤੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ‘ਚ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਟੀਸ਼ਨ ਪੈਂਡਿੰਗ ਹੋਣ ‘ਤੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਸੇਵਾਵਾਂ ‘ਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਗਈ ਹੈ। ਦੱਸ ਦਇਏ ਕਿ ਇਨ੍ਹਾਂ ਦੋਵਾਂ ਅਹੁਦਿਆਂ ਸਬੰਧੀ ਦਾਇਰ ਪਟੀਸ਼ਨ ਦੀ ਸੁਣਵਾਈ ਹੁਣ ਮੇਅਰ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੇ ਨਾਲ ਹੋਵੇਗੀ।