ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਦਿਨੀਂ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਪ੍ਰਧਾਨ ਜੇ. ਪੀ. ਨੱਡਾ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ। ਉਲਟਾ 3 ਫਰਵਰੀ ਦੇ ਅਸਤੀਫੇ ਤੋਂ ਬਾਅਦ ਹੁਣ ਰਾਜਭਵਨ ਤੋਂ ਖਬਰ ਆਈ ਹੈ ਕਿ ਗਵਰਨਰ ਬਨਵਾਰੀ ਲਾਲ ਪੁਰੋਹਿਤ ਇੱਕ ਵਾਰ ਮੁੜ ਤੋਂ 20 ਫਰਵਰੀ ਤੋਂ 23 ਫਰਵਰੀ ਦੇ ਵਿਚਾਲੇ ਸਰਹੱਦੀ ਖੇਤਰਾਂ ਦੇ ਅਹਿਮ ਦੌਰੇ ‘ਤੇ ਜਾ ਰਹੇ ਹਨ।
ਰਾਜਪਾਲ ਪੁਰੋਹਿਤ ਇੱਕ ਸਾਲ ਵਿੱਚ ਛੇਵੀਂ ਵਾਰ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ ਜਾ ਰਹੇ ਹਨ । ਗਵਰਨਰ ਦੇ ਇਸੇ ਦੌਰੇ ਨੂੰ ਲੈਕੇ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਵਿਚਾਲੇ ਕਈ ਵਾਰ ਟਕਰਾਅ ਹੁੰਦਾ ਰਿਹਾ ਹੈ। ਇਸ ਵਾਰ ਆਪਣੇ ਦੌਰੇ ਦੇ ਦੌਰਾਨ ਰਾਜਪਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ।
ਇਸ ਦੌਰਾਨ ਉਹ ਕੇਂਦਰੀ ਏਜੰਸੀਆਂ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਸ਼ਾਮਲ ਹਨ ਤਾਂ ਜੋ ਉਨ੍ਹਾਂ ਦੀਆਂ ਪਿਛਲੀਆਂ ਯਾਤਰਾਵਾਂ ਤੋਂ ਬਾਅਦ ਹੋਈ ਡਵੈਲਪਮੈਂਟ ਦੀ ਸਮੀਖਿਆ ਕੀਤੀ ਜਾ ਸਕੇ ਅਤੇ ਹਾਲ ਹੀ ਦੇ ਸਮੇਂ ਵਿਚ ਪੈਦਾ ਹੋਏ ਕਿਸੇ ਵੀ ਨਵੇਂ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ. ਸਰਹੱਦੀ ਸੂਬਿਆਂ ਦੇ ਦੌਰੇ ਦੌਰਾਨ ਰਾਜਪਾਲ ਪੁਰੋਹਿਤ ਡਿਫੈਂਸ ਕਮੇਟੀਆਂ ਦੇ ਨਾਲ ਵੀ ਗੱਲਬਾਤ ਕਰਨਗੇ। ਜੋ ਸਰਹੱਦੀ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਟਾਕਰਾ ਕਰਨ ਵਿੱਚ ਮਦਦਗਾਰ ਸਾਬਤ ਹੋਈਆਂ ਹਨ ।