ਪੰਜਾਬ ‘ਚ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਚੋਰਾਂ ਦੇ ਹੌਂਸਲੇ ਇਹਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਤਾਜਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਗੁਰਦਾਸਪੁਰ ‘ਚ ਚੋਰ ASI ਦੀ ਪਤਨੀ ਤੋਂ ਪਰਸ ਖੋਹ ਕੇ ਫਰਾਰ ਹੋ ਗਏ। ਪੀੜਤ ਔਰਤ ਦੇ ਪਤੀ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਵਿੱਚ ਏਐਸਆਈ ਹੈ ਅਤੇ ਅਦਾਲਤ ਵਿੱਚ ਤਾਇਨਾਤ ਹੈ। ਇਸ ਘਟਨਾ ਤੋਂ ਬਾਅਦ ਉਨ੍ਹਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੀੜਤ ਨੇ ਦੱਸਿਆ ਕਿ ਉਹ ਬੁੱਧਵਾਰ ਦੇਰ ਸ਼ਾਮ ਘਰੋਂ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ। ਜਦੋਂ ਉਹ ਘਰ ਪਰਤ ਰਹੀ ਸੀ ਤਾਂ ਹਨੂੰਮਾਨ ਚੌਕ ਨੇੜੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਉਸ ਦਾ ਪਰਸ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਪਰਸ ਵਿੱਚ 4 ਹਜ਼ਾਰ ਰੁਪਏ ਦੀ ਨਕਦੀ ਅਤੇ ਇੱਕ ਮੋਬਾਈਲ ਫੋਨ ਸੀ। ਰਾਹਗੀਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਔਰਤ ਦੇ ਚੀਕਣ ਦੀ ਆਵਾਜ਼ ਸੁਣੀ ਸੀ। ਔਰਤ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਦੋ ਲੁਟੇਰੇ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਏ ਸਨ। ਉਨ੍ਹਾਂ ਨੇ ਲੁਟੇਰਿਆਂ ਦਾ ਪਿੱਛਾ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਲੁਟੇਰੇ ਉਥੋਂ ਭੱਜ ਚੁੱਕੇ ਸਨ।