ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਮਹੀਨੇ 11 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਅਦਾਲਤ ‘ਚ ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ ਤੇ ਅੱਜ ਇਸੇ ਨੂੰ ਲੈ ਕੇ ਅਦਾਲਤ ‘ਚ ਸੁਣਵਾਈ ਹੋਵੇਗੀ। ਦਰਅਸਲ ਸੁਖਬੀਰ ਬਾਦਲ ਨੇ ਅਦਾਲਤ ਵਿੱਚ ਆਪਣੇ ਪਰਿਵਾਰ ਖਿਲਾਫ਼ CM ਮਾਨ ਵੱਲੋਂ ਗਲਤ ਦੋਸ਼ ਲਗਾਉਣ ਦੀ ਗੱਲ ਕਹੀ ਸੀ। ਅਦਾਲਤ ਵਿੱਚ ਕੇਸ ਦਾਇਰ ਕਰਨ ਸਮੇਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਖੁੱਲ੍ਹੀ ਬਹਿਸ ਦੌਰਾਨ ਸੀਐਮ ਭਗਵੰਤ ਮਾਨ ਨੇ ਬਾਦਲ ਪਰਿਵਾਰ ਖ਼ਿਲਾਫ਼ ਝੂਠਾ ਪ੍ਰਚਾਰ ਕੀਤਾ ਹੈ, ਜਿਸ ਬਾਰੇ ਉਨ੍ਹਾਂ ਨੇ ਕਾਨੂੰਨੀ ਨੋਟਿਸ ਦਿੱਤਾ ਸੀ ਪਰ ਕੋਈ ਜਵਾਬ ਨਾ ਮਿਲਣ ‘ਤੇ ਮੁਕਤਸਰ ਸਾਹਿਬ ਦੀ ਅਦਾਲਤ ‘ਚ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ।
ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਪਹਿਲਾਂ ਤਾਂ ਅਸੀਂ ਇਨ੍ਹਾਂ ਗੱਲਾਂ ਨੂੰ ਬਰਦਾਸ਼ਤ ਕੀਤਾ ਤੇ ਭਗਵੰਤ ਮਾਨ ਨੂੰ ਨੋਟਿਸ ਭੇਜਿਆ ਜਿਸ ਦਾ ਮੁੱਖ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ ਪਰ ਹੁਣ ਉਨ੍ਹਾਂ ਨੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਇਸਦੇ ਨਾਲ ਹੀ ਦੱਸ ਦਇਏ ਕਿ ਮਾਨ ਨੇ ਮਾਣਹਾਨੀ ਦੇ ਕੇਸ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਮਾੜੇ ਕੰਮਾਂ ਦਾ ਪਰਦਾਫਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ।