ਕਿਸਾਨ ਅੰਦੋਲਨ 2.0 ਨੂੰ ਫੈਲਦਾ ਵੇਖ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਖ਼ਤ ਨਜ਼ਰ ਆ ਰਹੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ “ਆਪ” ਸਰਕਾਰ ਨੂੰ ਪੱਤਰ ਲਿਖ ਕੇ ਚੇਤਾਵਨੀ ਦਿੱਤੀ ਹੈ। ਪੰਜਾਬ ਸਰਕਾਰ ਨੂੰ ਲਿਖੇ ਪੱਤਰ ‘ਚ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਅਜਿਹਾ ਲੱਗਦਾ ਹੈ ਕਿ ਅੰਦੋਲਨ ਦੀ ਆੜ ‘ਚ ਸ਼ਰਾਰਤੀ ਅਨਸਰਾਂ ਤੇ ਕਾਨੂੰਨ ਤੋੜਨ ਵਾਲਿਆਂ ਨੂੰ ਪਥਰਾਅ ਕਰਨ ਤੇ ਭਾਰੀ ਮਸ਼ੀਨਰੀ ਜੁਟਾਉਣ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ।
ਇਸਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਗੁਆਂਢੀ ਰਾਜਾਂ ਵਿੱਚ ਅਸ਼ਾਂਤੀ ਤੇ ਅਰਾਜਕਤਾ ਫੈਲਾਉਣਾ ਹੈ। ਅਜਿਹੀ ਸਥਿਤੀ ਵਿੱਚ ਕਿਸਾਨ ਅੰਦੋਲਨ ਦੀ ਆੜ ਵਿੱਚ ਫੁੱਟ ਪਾਉਣ ਵਾਲੀਆਂ ਹਰਕਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਨੱਥ ਪਾਉਣ ਲਈ ਤੁਰੰਤ ਸਮੀਖਿਆ ਕਰਕੇ ਸਖ਼ਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਵੀ ਕਿਹਾ ਕਿ ਰਿਪੋਰਟਾਂ ਅਨੁਸਾਰ, ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਪ੍ਰਦਰਸ਼ਨਕਾਰੀ ਵੱਡੀ ਗਿਣਤੀ ਵਿੱਚ ਇਕੱਠੇ ਨਾ ਹੋਣ ਤੇ ਖਾਸ ਕਰਕੇ ਹਾਈਵੇਅ ‘ਤੇ ਟਰੈਕਟਰ-ਟਰਾਲੀਆਂ, ਜੇਸੀਬੀ ਤੇ ਹੋਰ ਭਾਰੀ ਸਾਜ਼ੋ-ਸਾਮਾਨ ਦੀ ਵਰਤੋਂ ਨਾ ਕਰਨ।