ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਦੱਸ ਦਈਏ ਕਿ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖ਼ਿਲਾਫ਼ FIR ਦਰਜ ਕੀਤੀ ਸੀ। ਇਸ ਮਗਰੋਂ ਰਵਨੀਤ ਬਿੱਟੂ ਨੇ ਐਲਾਨ ਕੀਤਾ ਸੀ ਕਿ ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਦੇਣਗੇ।
ਇਸ ਤਹਿਤ ਅੱਜ ਕਾਂਗਰਸ ਦੇ ਵੱਡੀ ਗਿਣਤੀ ‘ਚ ਸਮਰਥਕ ਡੀਸੀ ਦਫ਼ਤਰ ਦੇ ਪੁੱਜੇ। ਇਸ ਦੌਰਾਨ ਪੁਲਿਸ ਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਾਰੀ ਹੰਗਾਮਾ ਹੋਇਆ। ਜਿਸ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਵੀ ਉਤਰ ਗਈਆਂ। ਸਾਂਸਦ ਰਵਨੀਤ ਬਿੱਟੂ ਨੇ ਕਿਹਾ ਕਿ ‘ਆਪ’ ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ, ਪਰ ਅਸੀਂ ਸਰਕਾਰ ਦੇ ਜ਼ੁਲਮਾਂ ਤੋਂ ਡਰਨ ਵਾਲੇ ਨਹੀਂ ਹਨ। ਬਿੱਟੂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੋਕ “ਆਪ” ਦੀ ਸਰਕਾਰ ਨੂੰ ਸਬਕ ਸਿਖਾਉਣਗੇ।
ਦਰਅਸਲ ਸਾਂਸਦ ਰਵਨੀਤ ਬਿੱਟੂ ਤੋਂ ਇਲਾਵਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਸਬੰਧੀ ਪੁਲਿਸ ਵੱਲੋਂ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ। ਚਾਰ ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਇਸ ਵਿੱਚ ਸਾਰੇ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ।