ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਲਕੇ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਨੂੰ ਜਦੋਂ ਬੀਤੇ ਦਿਨ ਲੋਕ ਸਭਾ ਚੋਣ ਲੜਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, “ਮੈਂ ਨਹੀਂ, ਮੇਰੀ ਮਾਂ ਪ੍ਰਨੀਤ ਕੌਰ ਪਟਿਆਲਾ ਸੀਟ ਤੋਂ ਲੋਕ ਸਭਾ ਚੋਣ ਲੜੇਗੀ। ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।”
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਵੱਲੋਂ ਬਣਾਈ ਗਈ ਚੋਣ ਕਮੇਟੀ ‘ਚ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਉਹ ਬੀਤੇ ਦਿਨੀਂ ਨਵੀਂ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਮਿਲੇ ਸਨ। ਤੁਹਾਨੂੰ ਦੱਸ ਦਈਏ ਕਿ ਫਿਲਹਾਲ ਭਾਜਪਾ ਨੇ ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕੀਤਾ ਹੈ। ਅਜਿਹੇ ‘ਚ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਹ ਸਾਰੀਆਂ ਸੀਟਾਂ ‘ਤੇ ਇਕੱਲੇ ਹੀ ਚੋਣ ਲੜ ਸਕਦੀ ਹੈ।