ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਵਨ ਨੇਸ਼ਨ-ਵਨ ਇਲੈਕਸ਼ਨ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ 18,626 ਪੰਨਿਆਂ ਦੀ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਇਸ ਰਿਪੋਰਟ ਵਿੱਚ ਕਮੇਟੀ ਨੇ ਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਲਈ ਸੰਵਿਧਾਨ ਵਿੱਚ ਸੋਧ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਪਹਿਲੇ ਪੜਾਅ ਵਿੱਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਈਆਂ ਜਾ ਸਕਦੀਆਂ ਹਨ, ਜਿਸ ਤੋਂ ਬਾਅਦ ਦੂਜੇ ਪੜਾਅ ਵਿੱਚ 100 ਦਿਨਾਂ ਦੇ ਅੰਦਰ ਲੋਕਲ ਬਾਡੀ ਦੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।
ਦੱਸ ਦਈਏ ਕਿ ਕਮੇਟੀ ਦਾ ਗਠਨ ਪਿਛਲੇ ਸਾਲ 2 ਸਤੰਬਰ ਨੂੰ ਕੀਤਾ ਗਿਆ ਸੀ ਅਤੇ ਇਸ ਦੇ ਚੇਅਰਮੈਨ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹਨ। ਕਮੇਟੀ ਸਿਆਸੀ ਪਾਰਟੀਆਂ, ਸੰਵਿਧਾਨਕ ਮਾਹਿਰਾਂ, ਸਾਬਕਾ ਮੁੱਖ ਚੋਣ ਕਮਿਸ਼ਨਰਾਂ ਅਤੇ ਚੋਣ ਕਮਿਸ਼ਨ ਅਤੇ ਹੋਰ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕਰ ਰਹੀ ਸੀ ਤਾਂ ਜੋ ਇਸ ਮਾਮਲੇ ‘ਤੇ ਡੂੰਘਾਈ ਨਾਲ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਕੋਵਿੰਦ ਪਹਿਲਾਂ ਹੀ ਇੱਕੋ ਸਮੇਂ ਸੰਸਦੀ ਅਤੇ ਰਾਜ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਹੱਕ ਵਿੱਚ ਰਹੇ ਹਨ ਅਤੇ ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਰਾਸ਼ਟਰੀ ਹਿੱਤ ਵਿੱਚ ਇਸ ਵਿਚਾਰ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ ਹੈ।
ਜ਼ਿਕਰ ਕਰ ਦਈਏ ਕਿ ਪਿਛਲੇ ਸਾਲ ਨਵੰਬਰ ਵਿੱਚ, ਸਾਬਕਾ ਰਾਸ਼ਟਰਪਤੀ ਨੇ ਕਿਹਾ ਸੀ ਕਿ ਕੇਂਦਰ ਵਿੱਚ ਸੱਤਾ ਵਿੱਚ ਰਹਿਣ ਵਾਲੀ ਕਿਸੇ ਵੀ ਪਾਰਟੀ ਨੂੰ “ਇੱਕ ਰਾਸ਼ਟਰ, ਇੱਕ ਚੋਣ” ਦਾ ਫਾਇਦਾ ਹੋਵੇਗਾ ਅਤੇ ਚੋਣ ਖਰਚਿਆਂ ਵਿੱਚ ਬਚੇ ਪੈਸੇ ਨੂੰ ਵਿਕਾਸ ਲਈ ਵਰਤਿਆ ਜਾ ਸਕਦਾ ਹੈ।