ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਇਕੱਲੇ ਹੀ ਚੋਣ ਲੜੇਗੀ। ਸੁਨੀਲ ਜਾਖੜ ਨੇ ਕਿਹਾ, “ਜੋ ਕੰਮ ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਕੀਤੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ। ਕਿਸਾਨਾਂ ਦੀਆਂ ਫ਼ਸਲਾਂ ਦਾ ਇਕ-ਇਕ ਦਾਣਾ ਪਿਛਲੇ 10 ਸਾਲਾਂ ‘ਚ ਚੁੱਕਿਆ ਗਿਆ ਹੈ ਅਤੇ ਫ਼ਸਲ ਦਾ ਭੁਗਤਾਨ ਹਫ਼ਤੇ ਦੇ ਅੰਦਰ-ਅੰਦਰ ਕਿਸਾਨਾਂ ਦੇ ਖ਼ਾਤਿਆਂ ‘ਚ ਪਹੁੰਚਿਆ ਹੈ।
ਇਸ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜੋ ਖੁੱਲ੍ਹਿਆ ਹੈ, ਇਹ ਵੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਹੀ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਮੁੱਖ ਰੱਖ ਕੇ ਹੀ ਭਾਰਤ ਅੱਗੇ ਤਰੱਕੀ ਕਰ ਸਕਦਾ ਹੈ। ਜਾਖੜ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ ਅਸੀਂ ਇਹ ਫ਼ੈਸਲਾ ਲਿਆ ਹੈ।
ਦੱਸਣਯੋਗ ਹੈ ਕਿ ਪਿੱਛਲੇ ਲੰਬੇ ਸਮੇਂ ਤੋਂ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ ‘ਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋ ਸਕਦਾ ਹੈ ਪਰ ਅੱਜ ਸੁਨੀਲ ਜਾਖੜ ਨੇ ਇਹ ਬਿਲਕੁਲ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ‘ਚ ਅਕਾਲੀ ਦਲ ਨਾਲ ਭਾਜਪਾ ਦਾ ਗਠਜੋੜ ਨਹੀਂ ਹੋਵੇਗਾ ਅਤੇ ਭਾਜਪਾ ਸਾਰੀਆਂ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ‘ਤੇਇਕੱਲੇ ਹੀ ਚੋਣਾਂ ਲੜੇਗੀ।