ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ ‘ਚ ਸ਼ਨੀਵਾਰ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਵਿਭਵ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਸਿਵਲ ਲਾਈਨ ਥਾਣੇ ਲੈ ਗਈ। ਵਿਭਵ ਕੁਮਾਰ ਦੇ ਵਕੀਲ ਕਰਨ ਸ਼ਰਮਾ ਨੇ ਕਿਹਾ ਕਿ ਅਜੇ ਤੱਕ ਪੁਲਿਸ ਤੋਂ ਕੋਈ ਸੂਚਨਾ ਨਹੀਂ ਮਿਲੀ ਹੈ। ਅਸੀਂ ਉਨ੍ਹਾਂ ਨੂੰ ਇੱਕ ਈ-ਮੇਲ ਭੇਜਿਆ ਹੈ ਕਿ ਅਸੀਂ ਜਾਂਚ ਵਿੱਚ ਸਹਿਯੋਗ ਕਰਾਂਗੇ।
ਮੈਡੀਕਲ ਰਿਪੋਰਟ ‘ਚ ਸਵਾਤੀ ਮਾਲੀਵਾਲ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ। ਇਸ ਸਬੰਧੀ ਉਨ੍ਹਾਂ ਦੀ ਮੈਡੀਕਲ ਰਿਪੋਰਟ ਸਾਹਮਣੇ ਆਈ ਹੈ। ਉਨ੍ਹਾਂ ਦੀ ਸੱਜੀ ਗੱਲ੍ਹ ਅਤੇ ਖੱਬੇ ਪੈਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। 13 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਕੁੱਟਮਾਰ ਦੇ ਮਾਮਲੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਫੁਟੇਜ ‘ਚ ਸੁਰੱਖਿਆ ਕਰਮਚਾਰੀ ਸਵਾਤੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਬਾਹਰ ਲਿਜਾਂਦੇ ਨਜ਼ਰ ਆ ਰਹੇ ਹਨ। ਇਸ ਫੁਟੇਜ ਨੂੰ ਜਾਰੀ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਵਾਤੀ ਮਾਲੀਵਾਲ ਦੇ ਬਿਆਨਾਂ ‘ਤੇ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਹੁਣ ਪਾਰਟੀ ਦਾ ਕਹਿਣਾ ਹੈ ਕਿ ਅਸਲ ਵਿੱਚ ਭਾਜਪਾ ਦੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਸਵਾਤੀ ਮਾਲੀਵਾਲ ਖ਼ਿਲਾਫ਼ ਡੀਸੀਡਬਲਿਊ ਵਿੱਚ ਠੇਕੇ ’ਤੇ ਮੁਲਾਜ਼ਮਾਂ ਦੀ ਗ਼ੈਰਕਾਨੂੰਨੀ ਭਰਤੀ ਦਾ ਕੇਸ ਦਰਜ ਕੀਤਾ ਹੈ। ਸਵਾਤੀ ਨੇ ਮਾਮਲੇ ‘ਚ ਕਾਰਵਾਈ ਦੇ ਡਰੋਂ ਅਜਿਹਾ ਕੀਤਾ ਹੈ। ਇਸ ਦੌਰਾਨ, ਇੱਕ ਹੋਰ ਘਟਨਾਕ੍ਰਮ ਵਿੱਚ, ਸੰਸਦ ਮੈਂਬਰ ਰਾਘਵ ਚੱਢਾ ਅੱਜ ਮੁੱਖ ਮੰਤਰੀ ਕੇਜਰੀਵਾਲ ਨੂੰ ਉਨ੍ਹਾਂ ਦੀ ਸਿਵਲ ਲਾਈਨ ਰਿਹਾਇਸ਼ ‘ਤੇ ਮਿਲਣ ਲਈ ਪਹੁੰਚੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ