New Delhi: ਭਾਰਤੀ ਜਨਤਾ ਪਾਰਟੀ (BJP) ਨੇ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਅਤੇ ਇਸ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ ਨੇ ਕੇਜਰੀਵਾਲ ਨੂੰ ਪੁੱਛਿਆ ਕਿ ਕਿਤੇ ਇਹ ਪੈਸਾ ਖਾਲਿਸਤਾਨ ਤੋਂ ਫੰਡਿੰਗ ਦਾ ਤਾਂ ਨਹੀਂ ਹੈ? ਦੇਸ਼ ਇਹ ਜਾਣਨਾ ਚਾਹੁੰਦਾ ਹੈ। ਇਸ ਪੂਰੇ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਭਾਜਪਾ (BJP) ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਇਕ ਤਰ੍ਹਾਂ ਦਾ ਹਮਲਾ ਹੈ। ਜਾਰਜ ਸੋਰੋਸ ਵਰਗੇ ਲੋਕ ਭਾਰਤ ਨੂੰ ਤਬਾਹ ਕਰਨਾ ਚਾਹੁੰਦੇ ਹਨ ਅਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਉਨ੍ਹਾਂ ਦੇ ਹੱਥਾਂ ਵਿੱਚ ਖੇਡ ਰਹੀ ਹੈ। ਚੁੱਘ ਨੇ ਕਿਹਾ ਕਿ ਈਡੀ ਦੇ ਇਨ੍ਹਾਂ ਦੋਸ਼ਾਂ ਦਾ ਕੇਜਰੀਵਾਲ ਨੂੰ ਜਵਾਬ ਦੇਣਾ ਚਾਹੀਦਾ ਹੈ।
ਵਰਨਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਹੈ ਕਿ ਦਿੱਲੀ ਅਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ (ਐਫਸੀਆਰਏ) ਦੀ ਉਲੰਘਣਾ ਕਰਕੇ 7 ਕਰੋੜ ਰੁਪਏ ਤੋਂ ਵੱਧ ਦਾ ਵਿਦੇਸ਼ੀ ਪੈਸਾ ਹਾਸਲ ਕੀਤਾ ਹੈ।