Jagraon: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਖ਼ੂਬ ਤਿਆਰੀ ਅਤੇ ਪ੍ਰਚਾਰ ਮੁਹਿੰਮ ਤੋਂ ਬਾਅਦ ਕੀਤੀ ਗਈ ਮਹਾਂਰੈਲੀ ’ਚ ਅੱਗ ਵਾਂਗ ਤਪਦੀ ਗਰਮੀ ਦੇ ਬਾਵਜੂਦ ਕਿਸਾਨਾਂ ਮਜ਼ਦੂਰਾਂ ਅਤੇ ਬੀਬੀਆਂ ਦਾ ਰਿਕਾਰਡ ਤੋੜ ਇਕੱਠ ਹੋਇਆ। ਜਗਰਾਓ ਦੀ ਅਨਾਜ ਮੰਡੀ ਅਤੇ ਸ਼ਹਿਰ ਵੱਲ ਆਉਂਦੀਆਂ ਸਾਰੀਆਂ ਸੜਕਾਂ, ਨਾਅਰੇ ਮਾਰਦੇ ਅਤੇ ਕਿਸਾਨੀ ਝੰਡੇ ਲੈ ਕੇ, ਬੱਸਾਂ ਅਤੇ ਗੱਡੀਆਂ ਤੇ ਸਵਾਰ ਹਜ਼ੂਮ ਨਾਲ ਭਰ ਗਈਆਂ। ਲੋਕਾਂ ਦੇ ਕਾਫ਼ਲਿਆਂ ਨਾਲ ਰਾਇਕੋਟ ਜਗਰਾਉਂ ਰੋਡ ਤੇ ਲਗਭਗ 12 ਕਿਲੋਮੀਟਰ ਲੰਬਾ ਜਾਮ ਦੁਪਹਿਰ ਤੱਕ ਲੱਗਿਆ ਰਿਹਾ।
ਭਾਵੇਂ ਲੋਕਾਂ ਦੇ ਬੈਠਣ ਲਈ ਪੰਡਾਲ ਵਿੱਚ ਟੈਂਟ,ਹਵਾ ਅਤੇ ਦਰੀਆਂ ਤੋ ਇਲਾਵਾ ਪਾਣੀ ਚਾਹ ਅਤੇ ਲੰਗਰ ਵਗੈਰਾ ਦਾ ਕਾਫੀ ਇੰਤਜ਼ਾਮ ਕੀਤਾ ਗਿਆ ਸੀ ਪਰ ਲੋਕਾਂ ਦੇ ਇਕੱਠ ਅੱਗੇ ਸਾਰੇ ਇੰਤਜਾਮ ਊਣੇ ਰਹਿ ਗਏ ਜਾਪੇ। ਸਟੇਜ ਦੀ ਕਾਰਵਾਈ ਚਲਾਉਣ ਲਈ 12 ਮੈਂਬਰੀ ਸੰਚਾਲਨ ਕਮੇਟੀ ਬਣੀ ਹੋਈ ਸੀ, ਜਿਸ ਨੇ ਸਟੇਜ ਨੂੰ ਬੜੀ ਸੁਘੜਤਾ ਨਾਲ ਚਲਾਇਆ। ਪ੍ਰੋਗਰਾਮ ਦੀ ਸ਼ੁਰੂਆਤ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕਰਨ ਨਾਲ ਹੋਈ। ਰੈਲੀ ਵਿੱਚ ਕਿਸਾਨਾਂ ਤੋਂ ਇਲਾਵਾ ਭਰਾਤਰੀ ਮਜ਼ਦੂਰ ਜਥੇਬੰਦੀਆਂ ਅਤੇ ਬੀਬੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ। ਸਟੇਜ ਤੋਂ ਬੋਲਣ ਵਾਲੇ ਬੁਲਾਰਿਆਂ ਨੇ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੀ ਸਖਤ ਨੁਕਤਾਚੀਨੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਇਸ ਸਰਕਾਰ ਨੇ ਸਾਰਾ ਦੇਸ਼ ਕਾਰਪੋਰੇਟ ਘਰਾਣਿਆਂ ਨੂੰ ਥਾਲੀ ਵਿੱਚ ਪਰੋਸ ਕੇ ਦੇ ਦਿੱਤਾ ਹੈ। ਅਪਨਿਵੇਸ਼ ਮੰਤਰਾਲਾ ਬਣਾ ਕੇ ਪਬਲਿਕ ਸੈਕਟਰ ਦੇ ਸਾਰੇ ਅਦਾਰੇ, ਅੰਬਾਨੀ ਅਤੇ ਅਡਾਨੀ ਨੂੰ ਕੌਡੀਆਂ ਦੇ ਭਾਅ ਬਖਸ਼ ਦਿੱਤੇ ਹਨ। ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਹੀ ਨਤੀਜਾ ਹੈ ਕਿ ਦੇਸ਼ ਦੇ 1 ਫੀਸਦੀ ਅਮੀਰ ਲੋਕਾਂ ਕੋਲ ਦੇਸ਼ ਦੀ 40 ਫੀਸਦੀ ਦੌਲਤ ਜਮਾਂ ਹੋ ਗਈ ਹੈ ਅਤੇ ਦੂਜੇ ਪਾਸੇ ਲੱਗਭੱਗ 80 ਕਰੋੜ ਲੋਕ ਸਰਕਾਰ ਤੋਂ ਮਿਲਣ ਵਾਲੇ ਸਸਤੇ ਰਾਸ਼ਣ ਨਾਲ ਗੁਜ਼ਾਰਾ ਕਰ ਰਹੇ ਹਨ।
ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦੀ ਕਾਤਲ ਪਾਰਟੀ ਦੇ ਮੁੱਖ ਨੁਮਾਇੰਦੇ ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੀ ਧਰਤੀ ਤੇ ਸਵਾਗਤ ਨਹੀਂ ਹੋ ਸਕਦਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਕਾਲੇ ਝੰਡਿਆਂ ਨਾਲ, ਸ਼ਾਂਤਮਈ ਪਰ ਡਟਵਾਂ ਵਿਰੋਧ ਕਰਨ ਲਈ ਕਿਸਾਨਾਂ ਮਜ਼ਦੂਰਾਂ ਦੇ ਕਾਫਲੇ ਰਵਾਨਾ ਹੋਣਗੇ। ਬੁਲਾਰਿਆਂ ਨੇ ਭਾਜਪਾ ਦੇ ਉਮੀਦਵਾਰਾਂ ਹੰਸ ਰਾਜ ਹੰਸ ਅਤੇ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਖਿਲਾਫ ਹਿੰਸਕ ਅਤੇ ਉਕਸਾਊ ਭਾਸ਼ਾ ਵਰਤਣ ਦਾ ਸਖ਼ਤ ਵਿਰੋਧ ਕੀਤਾ ਅਤੇ ਚੋਣ ਕਮਿਸ਼ਨ ਤੋਂ ਇਨ੍ਹਾਂ ਦੀ ਭਾਸ਼ਾ ਦਾ ਨੋਟਿਸ ਲੈਂਦਿਆਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।
ਹਿੰਦੂਸਥਾਨ ਸਮਾਚਾਰ