Chandigarh: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਸ਼ਾਮ ਨੂੰ ਪਟਿਆਲਾ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਇੱਥੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਆ ਰਹੇ ਹਨ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਕਿਸਾਨ ਕਾਨਫਰੰਸ ਦੌਰਾਨ ਐਲਾਨ ਕੀਤਾ ਗਿਆ ਕਿ ਕਿਸਾਨ 23 ਮਈ ਨੂੰ ਭਾਜਪਾ (BJP)ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਰੈਲੀ ਲਈ ਪਟਿਆਲਾ ਆ ਰਹੇ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛਣ ਲਈ ਵੱਡਾ ਕਾਫ਼ਲਾ ਲੈ ਕੇ ਜਾਣਗੇ।
ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਜਿੱਥੇ ਪੁਲਿਸ ਨੇ ਪੂਰੇ ਪਟਿਆਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ, ਉੱਥੇ ਹੀ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਿੱਚ ਜਾ ਕੇ ਉਨ੍ਹਾਂ ਤੋਂ ਸਵਾਲ ਪੁੱਛਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਸ਼ੰਭੂ ਬਾਰਡਰ ‘ਤੇ 100 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਮਕਸਦ ਰੈਲੀ ਨੂੰ ਰੋਕਣਾ ਜਾਂ ਵਿਘਨ ਪਾਉਣਾ ਨਹੀਂ ਹੈ, ਉਹ ਤਾਂ ਜਮਹੂਰੀ ਢੰਗ ਨਾਲ ਪ੍ਰਧਾਨ ਮੰਤਰੀ ਤੋਂ ਸਵਾਲਾਂ ਦੇ ਜਵਾਬ ਲੈਣ ਲਈ ਜਾਣਗੇ। ਪੁਲੀਸ ਨੇ ਰੋਕਿਆ ਤਾਂ ਉੱਥੇ ਹੀ ਪ੍ਰਧਾਨ ਮੰਤਰੀ ਖ਼ਿਲਾਫ਼ ਕਾਲੀਆਂ ਝੰਡੀਆਂ ਨਾਲ ਰੋਸ ਵਿਖਾਵਾ ਕੀਤਾ ਜਾਵੇਗਾ।
ਇਸੇ ਤਰ੍ਹਾਂ ਕਿਸਾਨ 24 ਮਈ ਨੂੰ ਚੰਡੀਗੜ੍ਹ ’ਚ ਭਾਜਪਾ ਵਿਰੋਧੀ ਧਿਰਾਂ ਦੀ ਹੋ ਰਹੀ ਇਕੱਤਰਤਾ ਵਿੱਚ ਵੀ ਸ਼ਿਰਕਤ ਕਰਨਗੇ। 28 ਮਈ ਨੂੰ ਪੰਜਾਬ ਅਤੇ ਹਰਿਆਣਾ ਦੇ ਭਾਜਪਾ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਜਦਕਿ ਪਹਿਲੀ ਜੂਨ ਨੂੰ ਵੋਟਾਂ ਪੈਣ ਤੋਂ ਅਗਲੇ ਦਿਨ ਬਾਰਡਰਾਂ ’ਤੇ ਮੁੜ ਵੱਡੇ ਇਕੱਠ ਕਰ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਦਸ ਦਇਏ ਕਿ ਇਸ ਤੋਂ ਪਹਿਲਾਂ ਕੱਟੜਪੰਥੀਆਂ ਵੱਲੋਂ ਮੋਦੀ ਦੀ ਰੈਲੀ ਵਾਲੀ ਥਾਂ ਤੋਂ ਕੁਝ ਦੂਰੀ ‘ਤੇ ਖਾਲਿਸਤਾਨੀ ਨਾਅਰੇ ਵਾਲਾ ਝੰਡਾ ਲਗਾ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸੁਰੱਖਿਆ ਦੇ ਨਜ਼ਰੀਏ ਤੋਂ ਸ਼ੰਭੂ ਦੇ ਨਾਲ ਲੱਗਦੇ ਘਨੌਰ, ਸ਼ੁਤਰਾਣਾ ਆਦਿ ਖੇਤਰਾਂ ਵਿੱਚ ਕਿਸਾਨ ਜਥੇਬੰਦੀਆਂ ਨਾਲ ਪੁਲਿਸ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਹਿੰਦੂਸਥਾਨ ਸਮਾਚਾਰ