Chandigarh: ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਦਾ ਦੋਸ਼ ਲਾਉਂਦਿਆਂ ਰੋਸ ਪ੍ਰਗਟਾਉਣ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਮੈਂਬਰਾਂ ਨੇ ਕਿਹਾ ਕਿ ਸਰਕਾਰ ਇਸ ਤਰ੍ਹਾਂ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਅਤੇ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਇਸੇ ਤਰ੍ਹਾਂ ਧੱਕਾ ਕਰਦਾ ਰਿਹਾ ਤਾਂ ਜਥੇਬੰਦੀ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਵੇਗੀ।
ਯੂਨੀਅਨ ਦੇ ਮੈਂਬਰ ਸ਼ੋਭਿਤ ਭਗਤ ਅਤੇ ਗਗਨਦੀਪ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 11 ਨਵੰਬਰ 2023, 31 ਜਨਵਰੀ 2024 ਅਤੇ 14 ਮਾਰਚ ਦੀਆਂ ਮੀਟਿੰਗਾਂ ‘ਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਤਨਖ਼ਾਹ ‘ਚ ਕਟੌਤੀ ਨੂੰ ਦੂਰ ਕਰਨ ਦੇ ਫ਼ੈਸਲੇ ਤੋਂ ਬਾਅਦ ਵੀ ਅਧਿਕਾਰੀ ਮੰਗਾਂ ਨੂੰ ਲਾਗੂ ਨਹੀਂ ਕਰ ਰਹੇ ਹਨ, ਜਿਸ ਕਾਰਨ ਮੁਲਾਜ਼ਮ ਮੰਤਰੀਆਂ ਅਤੇ ਮੁੱਖ ਮੰਤਰੀ ਨੂੰ ਮਿਲਣ ਦੀ ਮੰਗ ਕਰ ਰਹੇ ਹਨ ਪਰ ਪ੍ਰਸ਼ਾਸਨ ਅਤੇ ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾ ਰਹੀ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਜ਼ੁਲਮ ਵਿਰੁੱਧ ਪੂਰੇ ਪੰਜਾਬ ਵਿੱਚ ਸੰਘਰਸ਼ ਵਿੱਢਿਆ ਜਾਵੇਗਾ ਅਤੇ ਸਰਕਾਰ ਦੇ ਜ਼ੁਲਮਾਂ ਦਾ ਸੱਚ ਆਮ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ