Mohali: ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੁਲਿਸ ਅਤੇ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਲਗਾਮ ਕਸਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਇਸਦੇ ਨਾਲ ਹੀ ਪੁਲੀਸ ਵਲੋਂ ਸ਼ਹਿਰ ਦੇ ਨਾਲ ਲੱਗਦੇ ਚੰਡੀਗੜ੍ਹ ਦੀ ਪੁਲੀਸ ਨਾਲ ਵੀ ਤਾਲਮੇਲ ਕਰਕੇ ਸਾਂਝੀ ਮੁਹਿੰਮ ਚਲਾਉਣ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਇਸ ਸੰਬੰਧੀ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਅਤੇ ਡੀ ਐਸ ਪੀ ਸਿਟੀ 1 ਮੋਹਿਤ ਅਗਰਵਾਲ ਵਲੋਂ ਚੰਡੀਗੜ੍ਹ ਦੇ ਸੈਕਟਰ 39 ਖੇਤਰ ਦੇ ਡੀ ਐਸ ਪੀ ਚਰਨਜੀਤ ਸਿੰਘ ਵਿਰਕ ਅਤੇ ਡੀ ਐਸ ਪੀ ਸਾਊਥ ਦਲਬੀਰ ਸਿੰਘ ਭਿੰਡਰ ਨਾਲ ਤਾਲਮੇਲ ਮੀਟਿੰਗ ਕੀਤੀ ਜਿਸ ਦੌਰਾਨ ਦੋਵਾਂ ਸ਼ਹਿਰਾਂ ਦੇ ਵੱਖ ਵੱਖ ਥਾਣਿਆਂ ਦੇ ਐਸ ਐਚ ਓ ਵੀ ਸ਼ਾਮਿਲ ਹੋਏ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਦੋਵਾਂ ਸ਼ਹਿਰਾਂ ਦੀ ਪੁਲੀਸ ਵਲੋਂ ਚੋਰ ਰਾਹਾਂ ਤੋਂ ਲੰਘ ਕੇ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਜਾਣ ਵਾਲਿਆਂ ਤੇ ਨਜਰ ਰੱਖਣ ਅਤੇ ਅਜਿਹੇ ਵਿਅਕਤੀਆਂ ਨੂੰ ਕਾਬੂ ਕਰਨ ਦਾ ਫੈਸਲਾ ਕੀਤਾ ਗਿਆ। ਇਸਦੇ ਨਾਲ ਹੀ ਸਾਂਝੇ ਨਾਕੇ ਲਗਾ ਕੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਕਾਰਵਾਈ ਬਾਰੇ ਸਹਿਮਤੀ ਬਣੀ। ਉਹਨਾਂ ਕਿਹਾ ਕਿ ਮੀਟਿੰਗ ਵਿੱਚ ਤੈਅ ਕੀਤਾ ਗਿਆ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਛੇੜਛਾੜ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ