New Delhi: ਪਿਛਲੇ ਇੱਕ ਹਫ਼ਤੇ ਤੋਂ ਦਿੱਲੀ ਜਲ ਬੋਰਡ ਦਿੱਲੀ ਵਿੱਚ ਨਿਯਮਤ ਅਤੇ ਸਹੀ ਪਾਣੀ ਦੀ ਸਪਲਾਈ ਦੇਣ ਦੇ ਸਮਰੱਥ ਨਹੀਂ ਹੈ। ਜਿਸ ਕਾਰਨ ਦਿੱਲੀ ਵਾਸੀਆਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉੱਥੇ ਹੀ ਦਿੱਲੀ ਸਰਕਾਰ ਨੇ ਦਿੱਲੀ ਵਿੱਚ ਪਾਣੀ ਦੀ ਕਮੀ ਲਈ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾਉਣਾ ਸ਼ੁਰੂ ਕਰ ਦਿੱਤਾ ਹੈ।
ਦਿੱਲੀ ਸਰਕਾਰ ਇਹ ਕਹਿੰਦੇ ਹੋਏ ਕਿ ਦਿੱਲੀ ਵਿਚ ਪਾਣੀ ਦੀ ਸਪਲਾਈ ਹਰ ਇਕ ਦੀ ਜ਼ਿੰਮੇਵਾਰੀ ਹੈ ਅਤੇ ਇਸਦੇ ਨਾਲ ਹੀ ਇਨ੍ਹਾਂ ਦੋਵਾਂ ਰਾਜਾਂ ਤੋਂ ਪਾਣੀ ਲੈਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦੂਜੇ ਪਾਸੇ ਦਿੱਲੀ ‘ਚ ਪਾਣੀ ਦੀ ਕਿੱਲਤ ਨੂੰ ਲੈ ਕੇ ਵਿਰੋਧੀ ਧਿਰ ਨੇ ਸੜਕਾਂ ‘ਤੇ ਉਤਰ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਪ੍ਰਦੇਸ਼ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਸ਼ਟਰੀ ਰਾਜਧਾਨੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਸ਼ੁੱਕਰਵਾਰ ਨੂੰ ਸ਼ਹੀਦੀ ਪਾਰਕ ਤੋਂ ਦਿੱਲੀ ਸਕੱਤਰੇਤ ਤੱਕ ਰੋਸ ਮਾਰਚ ਕੱਢਿਆ।
ਪ੍ਰਦਰਸ਼ਨ ਦੌਰਾਨ ਨਵੀਂ ਦਿੱਲੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਬਾਂਸੁਰੀ ਸਵਰਾਜ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਦਿੱਲੀ ਵਿੱਚ ਨਕਲੀ ਜਲ ਸੰਕਟ ਖੜ੍ਹਾ ਕਰ ਦਿੱਤਾ ਹੈ। ਸਵਰਾਜ ਨੇ ਕਿਹਾ ਕਿ ਦਿੱਲੀ ਜਲ ਬੋਰਡ 2013 ਵਿੱਚ 600 ਕਰੋੜ ਰੁਪਏ ਦੇ ਮੁਨਾਫੇ ਵਿੱਚ ਸੀ ਪਰ ਇਸ ਵੇਲੇ ਜਲ ਬੋਰਡ 73 ਹਜ਼ਾਰ ਕਰੋੜ ਰੁਪਏ ਦੇ ਘਾਟੇ ਵਿੱਚ ਹੈ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿੱਚ ਪਾਣੀ ਦੀ ਕਿੱਲਤ ਅਤੇ ਜਲ ਬੋਰਡ ਦੇ ਹੋਏ ਨੁਕਸਾਨ ਲਈ ਜ਼ਿੰਮੇਵਾਰ ਠਹਿਰਾਇਆ।
ਪ੍ਰਦੇਸ਼ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਪ੍ਰਦਰਸ਼ਨ ਦੌਰਾਨ ਕਿਹਾ ਕਿ ਦਿੱਲੀ ‘ਚ ਪਾਣੀ ਦਾ ਸੰਕਟ ਅਰਵਿੰਦ ਕੇਜਰੀਵਾਲ ਦੇ ਕੁਪ੍ਰਬੰਧ ਦਾ ਨਤੀਜਾ ਹੈ। ਹੁਣ ਸਰਕਾਰ 2 ਹਜ਼ਾਰ ਰੁਪਏ ਜੁਰਮਾਨਾ ਲਗਾ ਰਹੀ ਹੈ। ਸਚਦੇਵਾ ਨੇ ਕਿਹਾ ਕਿ ਇਹ ਜੁਰਮਾਨਾ ਨਹੀਂ ਸਗੋਂ ਭ੍ਰਿਸ਼ਟਾਚਾਰ ਕਰਨ ਦਾ ਇਕ ਹੋਰ ਤਰੀਕਾ ਹੈ। ਸਚਦੇਵਾ ਨੇ ਕਿਹਾ ਕਿ ਪਹਿਲਾਂ ਦਿੱਲੀ ਸਰਕਾਰ ਨੇ ਟੈਂਕਰ ਮਾਫੀਆ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਦੇ ਵਿਧਾਇਕ ਟੈਂਕਰ ਮਾਫੀਆ ਨਾਲ ਮਿਲ ਕੇ ਦਿੱਲੀ ਦੇ ਲੋਕਾਂ ਨੂੰ ਪਾਣੀ ਵੇਚ ਕੇ ਉਨ੍ਹਾਂ ਦੀ ਲੁੱਟ ਕਰ ਰਹੇ ਹਨ।
ਦਰਅਸਲ, ਦਿੱਲੀ ਵਿੱਚ ਪਾਣੀ ਦੇ ਸੰਕਟ ਦੇ ਦੋ ਮੁੱਖ ਕਾਰਨ ਹਨ। ਪਹਿਲਾ, ਤੇਜ਼ ਗਰਮੀ ਅਤੇ ਦੂਜਾ, ਪਾਣੀ ਲਈ ਗੁਆਂਢੀ ਰਾਜਾਂ ‘ਤੇ ਨਿਰਭਰਤਾ। ਇਨ੍ਹੀਂ ਦਿਨੀਂ ਦਿੱਲੀ ‘ਚ ਪੈ ਰਹੀ ਭਿਆਨਕ ਗਰਮੀ ਕਾਰਨ ਪਾਣੀ ਦੀ ਮੰਗ ਵਧ ਗਈ ਹੈ। ਪਾਣੀ ਦੀ ਸਪਲਾਈ ਪਹਿਲਾਂ ਹੀ ਦਿੱਲੀ ਦੀ ਆਬਾਦੀ ਦੀ ਤੁਲਨਾ ਘੱਟ ਹੈ। ਇਸ ਕਾਰਨ ਔਰਤਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ‘ਚ ਔਰਤਾਂ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ