Chandigarh: ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਵਿੱਚ ਸਥਿਤੀ ਤਣਾਅਪੂਰਨ ਬਣ ਗਈ ਹੈ। ਕਈ ਕੱਟੜਪੰਥੀ ਸਿੱਖ ਜਥੇਬੰਦੀਆਂ ਨੇ 6 ਜੂਨ ਵੀਰਵਾਰ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ।
ਦੂਜੇ ਪਾਸੇ 6 ਜੂਨ ਨੂੰ ਦਰਬਾਰ ਸਾਹਿਬ ਪਰਿਸਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨੇ ਅਰਦਾਸ ਕਰਵਾਈ। ਇਨ੍ਹਾਂ ਪ੍ਰੋਗਰਾਮਾਂ ਦੇ ਆਯੋਜਨ ਦੌਰਾਨ ਜਦੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਫਰੀਦਕੋਟ ਤੋਂ ਚੁਣੇ ਗਏ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ ਤਾਂ ਉਥੇ ਵੱਡੀ ਗਿਣਤੀ ’ਚ ਮੌਜੂਦ ਨੌਜਵਾਨਾਂ ਨੇ ਹੱਥਾਂ ’ਚ ਭਿੰਡਰਾਂਵਾਲੇ ਦੇ ਪੋਸਟਰਾਂ ਨਾਲ ਤਲਵਾਰਾਂ ਲਹਿਰਾਉਂਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਇੱਥੇ ਕਰੀਬ ਇੱਕ ਘੰਟੇ ਤੱਕ ਖਾਲਿਸਤਾਨੀ ਸਮਰਥਕਾਂ ਨੇ ਨਾਅਰੇ ਲਗਾਉਂਦੇ ਹੋਏ ਖਾਲਿਸਤਾਨ ਦੀ ਮੰਗ ਕੀਤੀ।
ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਪਹਿਲਾਂ ਹੀ ਉਥੋਂ ਰਵਾਨਾ ਹੋ ਗਈ ਪਰ ਨਵੇਂ ਸੰਸਦ ਮੈਂਬਰ ਖਾਲਸਾ ਨੇ ਇੱਥੇ ਹੀ ਰੁਕ ਕੇ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ। ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸਰਬਜੀਤ ਸਿੰਘ ਖਾਲਸਾ ਅਤੇ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਸਨਮਾਨਿਤ ਵੀ ਕੀਤਾ ਗਿਆ। ਅੰਮ੍ਰਿਤਸਰ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੁਲਿਸ ਨੇ ਦਰਬਾਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਨਾਕਾਬੰਦੀ ਕੀਤੀ ਹੋਈ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਖ਼ੁਦ ਸ਼ਹਿਰ ਵਿੱਚ ਗਸ਼ਤ ਦੀ ਅਗਵਾਈ ਕਰ ਰਹੇ ਹਨ। ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਸਿੱਖ ਜਥੇਬੰਦੀਆਂ ਨੇ ਦਲ ਖ਼ਾਲਸਾ ਦੇ ਬੈਨਰ ਹੇਠ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ। ਇਸ ਦੌਰਾਨ ਜਿੱਥੇ ਖਾਲਿਸਤਾਨੀ ਨਾਅਰੇ ਗੂੰਜੇ, ਉਥੇ ਕਈ ਨੌਜਵਾਨਾਂ ਨੇ ਹੱਥਾਂ ਵਿੱਚ ਭਿੰਡਰਾਂਵਾਲੇ ਦੀਆਂ ਤਸਵੀਰਾਂ ਫੜੀਆਂ ਹੋਈਆਂ ਸਨ।
ਹਿੰਦੂਸਥਾਨ ਸਮਾਚਾਰ