Nawanshahr: ਇਥੇ ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਇਕਾਈ ਵਲੋਂ ਬੀਤੇ ਦਿਨੀਂ ਸੰਸਦ ਕੰਗਨਾ ਰਣੌਤ ਨੂੰ ਸੀ ਆਈ. ਐਸ. ਐਫ. ਦੀ ਜਵਾਨ ਕੁਲਵਿੰਦਰ ਕੌਰ ਵਲੋਂ ਥੱਪੜ ਮਾਰਨ ਉਪਰੰਤ ਉਸਨੂੰ ਨੌਕਰੀ ਤੋਂ ਮੁਅਤਲ ਕਰਨ ਅਤੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਅਤੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਵਲੋਂ ਮੰਗ ਕੀਤੀ ਗਈ ਕਿ ਕੰਗਣਾ ਰਣੌਤ ਵਲੋਂ ਕੁਲਵਿੰਦਰ ਕੌਰ ਨੂੰ ਉਕਸਾਉਣ ਅਤੇ ਫਿਰਕੂ ਜ਼ਹਿਰ ਉਗਲਣ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿਸਾਨ ਅੰਦੋਲਨ ਦੌਰਾਨ ਵੀ ਕੰਗਨਾ ਵਲੋਂ ਪੰਜਾਬ ਦੇ ਲੋਕਾਂ ਅਤੇ ਬੀਬੀਆਂ ਖਿਲਾਫ਼ ਭੱਦੇ ਸ਼ਬਦਾਂ ਦਾ ਉਪਯੋਗ ਕੀਤਾ ਜਾਂਦਾ ਰਿਹਾ ਹੈ ਅਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੰਗਨਾ ਨੂੰ ਕੇਂਦਰ ਸਰਕਾਰ ਵਲੋਂ ਮੋਹਰੇ ਦੇ ਤੌਰ ’ਤੇ ਵਰਤਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਇਨ੍ਹਾਂ ਖਤਰਨਾਕ ਮਨਸੂਬਿਆਂ ਨੂੰ ਪੰਜਾਬ ਦੇ ਲੋਕ ਸਫ਼ਲ ਨਹੀਂ ਹੋਣ ਦੇਣਗੇ। ਚੋਣਾਂ ਦੌਰਾਨ ਵੀ ਕਿਸਾਨਾਂ ਅਤੇ ਮਜ਼ਦੂਰਾਂ ਵੀ ਨੂੰ ਹੰਸ ਰਾਜ ਹੰਸ ਨੂੰ ਅੱਗੇ ਲਾ ਕੇ ਵੰਡਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਪੰਜਾਬ ਦੇ ਲੋਕਾਂ ਨੇ ਨਾਕਾਮ ਬਣਾ ਦਿੱਤਾ।ਅਜਿਹੀ ਕਿਸੇ ਕੋਸ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਕੁਲਵਿੰਦਰ ਕੌਰ ਨਾਲ ਖੜ੍ਹਾ ਹੈ।
ਹਿੰਦੂਸਥਾਨ ਸਮਾਚਾਰ