New Delhi: ਕਾਂਗਰਸ ਵਰਕਿੰਗ ਕਮੇਟੀ ਦੀ ਸ਼ਨੀਵਾਰ ਨੂੰ ਦਿੱਲੀ ਦੇ ਅਸ਼ੋਕਾ ਹੋਟਲ ‘ਚ ਹੋਈ ਬੈਠਕ ‘ਚ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣ ਦੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਹਾਲਾਂਕਿ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਫਿਲਹਾਲ ਰਾਹੁਲ ਨੇ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਸੋਚਣ ਲਈ ਸਮਾਂ ਚਾਹੀਦਾ ਹੈ।
ਵਰਣਨਯੋਗ ਹੈ ਕਿ ਪਿਛਲੀਆਂ ਤਿੰਨ ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਹਿਲੀ ਵਾਰ ਬਿਹਤਰ ਸਥਿਤੀ ਵਿਚ ਹੈ। ਉਹ 99 ਮੈਂਬਰਾਂ ਨਾਲ ਸੰਸਦ ਵਿੱਚ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ‘ਤੇ ਦਾਅਵਾ ਕਰਨ ਲਈ ਕਿਸੇ ਵੀ ਪਾਰਟੀ ਕੋਲ ਲੋਕ ਸਭਾ ਦੇ ਕੁੱਲ ਚੁਣੇ ਗਏ ਮੈਂਬਰਾਂ ਦੀ ਗਿਣਤੀ ਦਾ 10 ਫੀਸਦੀ ਹੋਣਾ ਜ਼ਰੂਰੀ ਹੈ। ਪਿਛਲੀਆਂ ਦੋ ਲੋਕ ਸਭਾ ਚੋਣਾਂ ਵਿੱਚ ਕੋਈ ਵੀ ਪਾਰਟੀ ਇਸ ਮਾਪਦੰਡ ਨੂੰ ਪੂਰਾ ਨਹੀਂ ਕਰ ਸਕੀ ਸੀ।
ਇਸ ਵਾਰ ਕਾਂਗਰਸ ਨੇ ਰਾਹੁਲ ਗਾਂਧੀ ਦੀ ਅਗਵਾਈ ‘ਚ ਲੋਕ ਸਭਾ ਚੋਣਾਂ ਲੜੀਆਂ ਹਨ। ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਦੇ ਸਾਰੇ ਨੇਤਾਵਾਂ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਸਵੀਕਾਰ ਕਰਨਾ ਚਾਹੀਦਾ। ਸ਼ਨੀਵਾਰ ਸ਼ਾਮ ਨੂੰ ਹੀ ਕਾਂਗਰਸ ਸੰਸਦੀ ਦਲ ਦੀ ਮੀਟਿੰਗ ਵੀ ਹੋਣੀ ਹੈ, ਜਿਸ ਵਿਚ ਸੰਸਦੀ ਦਲ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ